ਲਖਨਊ, 29 ਅਕਤੂਬਰ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਇਸ ਸਾਲ ਉੱਤਰ ਪ੍ਰਦੇਸ਼ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਵੋਟਰ ਸੂਚੀ ਤਿਆਰ ਕਰਨ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਸਰਕਾਰ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਸਾਜ਼ਿਸ਼ ਘੜੀ ਹੈ।
ਸ੍ਰੀ ਯਾਦਵ ਨੇ ਇੱਥੇ ਨਿਗਮ ਚੋਣਾਂ ਦੀਆਂ ਤਿਆਰੀਆਂ ਦੀ ਚਰਚਾ ਲਈ ਰੱਖੀ ਮੀਟਿੰਗ ਦੌਰਾਨ ਕਿਹਾ, ‘ਜੇਕਰ ਚੋਣ ਕਮਿਸ਼ਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਿਯਮਾਂ ਦੀ ਪਾਲਣਾ ਕੀਤੀ ਹੁੰਦੀ ਤਾਂ ਹਜ਼ਾਰਾਂ ਵੋਟਰ ਵੋਟ ਪਾਉਣ ਤੋਂ ਵਾਂਝੇ ਨਾ ਰਹਿੰਦੇ।’ ਉਨ੍ਹਾਂ ਕਿਹਾ ਕਿ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣੀਆਂ ਚੋਣ ਕਮਿਸ਼ਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, ‘ਚੋਣ ਕਮਿਸ਼ਨ ਦੀ ਇਹ ਵੀ ਜ਼ਿੰਮੇਵਾਰੀ ਹੈ ਕਿ ਉਹ ਪ੍ਰਸ਼ਾਸਨਿਕ ਮਸ਼ੀਨਰੀ ਦੇ ਡਰ ਤੇ ਦਬਾਅ ਤੋਂ ਬਿਨਾਂ ਵੋਟਿੰਗ ਦਾ ਅਮਲ ਯਕੀਨੀ ਬਣਾਏ।’ ਸਪਾ ਮੁਖੀ ਨੇ ਕਿਹਾ ਕਿ ਚੋਣ ਕਮਿਸ਼ਨ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਸਾਰੀਆਂ ਸ਼ਿਕਾਇਤਾਂ ਤੇ ਮੰਗ ਪੱਤਰਾਂ ਦਾ ਨੋਟਿਸ ਕਿਉਂ ਨਹੀਂ ਲੈਂਦਾ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ’ਚ ਧਾਂਦਲੀ ਹੋਈ ਸੀ ਤੇ ਉਨ੍ਹਾਂ ਦੀ ਪਾਰਟੀ ਨੇ ਇਸ ’ਤੇ ਇਤਰਾਜ਼ ਜ਼ਾਹਿਰ ਕੀਤੇ ਸਨ। ਉਨ੍ਹਾਂ ਕਿਹਾ ਕਿ ਲਗਾਤਾਰ ਸ਼ਿਕਾਇਤਾਂ ਦੇ ਬਾਵਜੂਦ ਲਖਨਊ ਦੀ ਡੀਆਈਜੀ ਲਕਸ਼ਮੀ ਸਿੰਘ ਦਾ ਤਬਾਦਲਾ ਨਹੀਂ ਕੀਤਾ ਗਿਆ ਜਦਕਿ ਉਸ ਦਾ ਪਤੀ ਲਖਨਊ ਤੇ ਸਰੋਜਨੀ ਨਗਰ ਤੋਂ ਭਾਜਪਾ ਦਾ ਉਮੀਦਵਾਰ ਸੀ। -ਪੀਟੀਆਈ