ਚੋਣ ਕਮਿਸ਼ਨ ਵੱਲੋਂ ਅਸਾਮ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਦੇ ਹੁਕਮ
ਅਗਲੇ ਸਾਲ ਪਹਿਲੀ ਜਨਵਰੀ ਤਕ ਲਾਗੂ ਕੀਤੀ ਜਾਵੇ ਐੱਸ ਆੲੀ ਆਰ
EC orders 'Special Revision' of electoral rolls in Assam. PTI ਚੋਣ ਕਮਿਸ਼ਨ ਨੇ ਅੱਜ ਅਸਾਮ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਦੇ ਹੁਕਮ ਦੇ ਦਿੱਤੇ ਹਨ। ਚੋਣ ਕਮਿਸ਼ਨ ਨੇ ਅਸਾਮ ਦੇ ਮੁੱਖ ਚੋਣ ਅਧਿਕਾਰੀ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿਚ ਪਹਿਲੀ ਜਨਵਰੀ, 2026 ਤਕ ਵਿਸ਼ੇਸ਼ ਮੁੜ ਸੁਧਾਈ ਨੂੰ ਲਾਗੂ ਕੀਤਾ ਜਾਵੇ। ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਛੱਤੀਸਗੜ੍ਹ, ਗੋਆ, ਗੁਜਰਾਤ, ਕੇਰਲ, ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਲਈ ਐਸ ਆਈ ਆਰ ਦਾ ਹੁਕਮ ਦਿੱਤਾ ਸੀ। ਇਨ੍ਹਾਂ ਵਿੱਚੋਂ ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਪੱਛਮੀ ਬੰਗਾਲ ਵਿਚ ਚੋਣਾਂ ਅਗਲੇ ਸਾਲ ਹੋਣਗੀਆਂ। ਅਸਾਮ ਲਈ ਐਸ ਆਈ ਆਰ ਦਾ ਐਲਾਨ ਵੱਖਰੇ ਤੌਰ ’ਤੇ ਕੀਤਾ ਗਿਆ ਹੈ ਜਿੱਥੇ ਵੀ ਅਗਲੇ ਸਾਲ ਚੋਣਾਂ ਹੋਣੀਆਂ ਹਨ। ਇਸ ਕਰ ਕੇ ਚੋਣ ਕਮਿਸ਼ਨ ਨੇ ਅੱਜ ਆਸਾਮ ਲਈ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਪਹਿਲਾਂ ਮਾਮਲਾ ਸਰਵਉਚ ਅਦਾਲਤ ਵਿਚ ਵੀ ਵਿਚਾਰਅਧੀਨ ਸੀ। ਉਸ ਵੇਲੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਦੇਸ਼ ਭਰ ਵਿੱਚ ਸਮੇਂ ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਕਰਵਾਉਣ ਦਾ ਕੋਈ ਵੀ ਨਿਰਦੇਸ਼ ਚੋਣ ਕਮਿਸ਼ਨ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗਾ। ਇਸ ਸਬੰਧੀ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰਦਿਆਂ ਕਿਹਾ ਸੀ ਕਿ ਉਸ ਦਾ ਇਸ ਵਿਚ ਸੋਧ ਕਰਨ ਦਾ ਪੂਰਾ ਅਧਿਕਾਰ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਉਹ ਵੋਟਰ ਸੂਚੀਆਂ ਵਿਚ ਪਾਰਦਰਸ਼ਤਾ, ਪਵਿੱਤਰਤਾ ਤੇ ਅਖੰਡਤਾ ਬਾਰੇ ਪੂਰੀ ਤਰ੍ਹਾਂ ਸੁਚੇਤ ਹੈ। ਇਸ ਕਰ ਕੇ ਕਮਿਸ਼ਨ ਨੇ ਇਸ ਸਾਲ 24 ਜੂਨ ਨੂੰ ਕਈ ਸੂਬਿਆਂ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਨ ਦਾ ਫੈਸਲਾ ਲਿਆ ਸੀ।

