ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਗੁਜਰਾਤ ਵਿੱਚ ਆਪਣੀ ਪਾਰਟੀ ਦੇ ਜ਼ਿਲ੍ਹਾ ਇਕਾਈ ਮੁਖੀਆਂ ਨੂੰ ਭਰੋਸਾ ਦਿੱਤਾ ਕਿ ਉਮੀਦਵਾਰਾਂ ਦੀ ਚੋਣ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਗਠਨ ਸੁਜਨ ਅਭਿਆਨ (ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੁਹਿੰਮ) ਤਹਿਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਸਿਖਲਾਈ ਕੈਂਪ ਵਿੱਚ ਆਪਣੇ ਸੰਬੋਧਨ ਦੌਰਾਨ ਚੋਣ ਕਮਿਸ਼ਨ ’ਤੇ ਪੱਖਪਾਤ ਕਰਨ ਦੇ ਦੋਸ਼ ਲਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਗੁਜਰਾਤ ਦੇ ਉਸ ਦੇ ਮੁੱਖ ਆਧਾਰ ਵਿੱਚ ਹਰਾਉਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਪੱਖਪਾਤੀ ਵਤੀਰੇ ਕਾਰਨ ਹੀ ਪਾਰਟੀ ਨੂੰ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਨੇ 2027 ਦੀਆਂ ਰਾਜ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਨੰਦ ਸ਼ਹਿਰ ਦੇ ਨੇੜੇ ਰਿਜ਼ੋਰਟ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਨਵ-ਨਿਯੁਕਤ ਪ੍ਰਧਾਨਾਂ ਲਈ ਕੈਂਪ ਲਾਇਆ। ਇਸ ਕੈਂਪ ਦਾ ਉਦੇਸ਼ ਪਾਰਟੀ ਦੇ ਮਿਸ਼ਨ 2027 ਲਈ ਰੋਡ ਮੈਪ ਤਿਆਰ ਕਰਨਾ ਹੈ ਤੇ ਇਹ ਕੈਂਪ 28 ਜੁਲਾਈ ਨੂੰ ਸਮਾਪਤ ਹੋਵੇਗਾ। ਮੀਟਿੰਗ ਤੋਂ ਬਾਅਦ ਗੁਜਰਾਤ ਕਾਂਗਰਸ ਦੇ ਮੁਖੀ ਅਮਿਤ ਚਾਵੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਹੁਲ ਗਾਂਧੀ ਨੇ ਜ਼ਿਲ੍ਹਾ ਪ੍ਰਧਾਨਾਂ ਦਾ ਮਾਰਗਦਰਸ਼ਨ ਕਰਦਿਆਂ ਭਰੋਸਾ ਦਿੱਤਾ ਕਿ ਲੀਡਰਸ਼ਿਪ ਪੂਰੀ ਤਰ੍ਹਾਂ ਪਾਰਟੀ ਵਰਕਰਾਂ ਨਾਲ ਹੈ। ਰਾਜਕੋਟ ਕਾਂਗਰਸ ਦੇ ਮੁਖੀ ਰਾਜਦੀਪ ਸਿੰਘ ਜਡੇਜਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਭਰੋਸਾ ਦਿੱਤਾ ਕਿ ਵੱਖ-ਵੱਖ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਤੋਂ ਪਹਿਲਾਂ ਸ਼ਹਿਰ ਅਤੇ ਜ਼ਿਲ੍ਹਾ ਇਕਾਈ ਦੇ ਮੁਖੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ।
ਰਾਹੁਲ ਨੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਿਆ
ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਬਿਹਾਰ ਦੇ ਕੁਝ ਕੇਂਦਰਾਂ ’ਤੇ ਐੱਸਐੱਸਸੀ ਪ੍ਰੀਖਿਆਵਾਂ ਰੱਦ ਕਰਨ ’ਤੇ ਭਾਜਪਾ ਸਰਕਾਰ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀ ਅਯੋਗਤਾ, ਭ੍ਰਿਸ਼ਟਾਚਾਰ ਅਤੇ ਪ੍ਰੀਖਿਆ ਮਾਫੀਆ ਨਾਲ ਮਿਲੀਭੁਗਤ ਨਾਲ ਹੀ ਅਜਿਹੀਆਂ ਬੇਨੇਮੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਐਕਸ ’ਤੇ ਇੱਕ ਪੋਸਟ ਵਿੱਚ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪ੍ਰੀਖਿਆ ਦੇਣ ਲਈ 400-500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਨੌਜਵਾਨਾਂ ਨੂੰ ਕੇਂਦਰ ’ਤੇ ਪਹੁੰਚਣ ’ਤੇ ਪਤਾ ਲੱਗਾ ਕਿ ਉਨ੍ਹਾਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਵਿੱਚ ਖਾਮੀਆਂ ਕਾਰਨ ਲੱਖਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਿਹਨਤ, ਸਮਾਂ ਅਤੇ ਉਮੀਦਾਂ ਅਜਾਈਂ ਜਾ ਰਹੀਆਂ ਹਨ।