ਵੋਟਰ ਸੂਚੀਆਂ ’ਚ ਸੋਧ ਦੇ ਨਾਂ ’ਤੇ ਐੱਨਆਰਸੀ ਪ੍ਰਕਿਰਿਆ ਸ਼ੁਰੂ ਨਾ ਕਰੇ ਚੋਣ ਕਮਿਸ਼ਨ: ਕਨ੍ਹੱਈਆ ਕੁਮਾਰ
ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ’ਚ ਸੁਧਾਈ ਦੇ ਨਾਂ ’ਤੇ ਐੱਨਆਰਸੀ ਪ੍ਰਕਿਰਿਆ ਸ਼ੁਰੂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮਕਸਦ ਨਾਗਰਿਕਤਾ ਦੀ ਪੁਸ਼ਟੀ ਕਰਨਾ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਕੰਮ ਗ੍ਰਹਿ ਮੰਤਰਾਲੇ ਦਾ ਹੈ। ਇੱਥੇ ਇੰਦਰਾ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਬਿਹਾਰ ’ਚ ਚੱਲ ਰਹੀ ਵਿਸ਼ੇਸ਼ ਵਿਆਪਕ ਸੁਧਾਈ ਮੁਹਿੰਮ ਬਾਰੇ ਪੁੱਛੇ ਸੁਆਲ ਦੇ ਜੁਆਬ ’ਚ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਦਰਸਾਉਂਦੀ ਹੈ ਕਿ ਕਮਿਸ਼ਨ ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂਆਂ ਵੱਲੋਂ ਆਖੀ ਜਾਂਦੀ ਇਹ ਗੱਲ ਮੰਨਣ ਲਈ ਤਿਆਰ ਨਹੀਂ ਹੈ ਕਿ ਚੋਣ ਸੂਚੀਆਂ ’ਚ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਇਹ ਗੱਲ ਮੰਨ ਰਿਹਾ ਹੈ ਕਿ ਵੋਟਰ ਸੂਚੀਆਂ ’ਚ ਸਮੱਸਿਆ ਹੈ ਤਾਂ ਇਸ ’ਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ ਪਰ ਇਸ ਗੱਲ ਲਈ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸੇ ਦੌਰਾਨ ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਬਿਹਾਰ ’ਚ ਮੌਜੂਦਾ ਸਿੱਖਿਆ ਪ੍ਰਣਾਲੀ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਉੱਤੇ ਸੂਬਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਰਕਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਨਹੀਂ ਚਲਾਈ ਜਾ ਰਹੀ ਬਲਕਿ ਕਿਸੇ ਹੋਰ ਵੱਲੋਂ ਚਲਾਈ ਜਾ ਰਹੀ ਹੈ।