ਲਖਨਊ, 9 ਜਨਵਰੀ
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਤੋਂ ਇਕ ਦਿਨ ਬਾਅਦ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ‘‘ਚੋਣਾਂ ਨੂੰ ਧਾਰਮਿਕ ਰੰਗ ਦੇ ਕੇ ਮਤਲਬ ਦੀ ਰਾਜਨੀਤੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਉਠਾਵੇ।’’ ਬਸਪਾ ਪ੍ਰਧਾਨ ਨੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉੱਤਰ ਪ੍ਰਦੇਸ਼ ਸਣੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿਚ ਚੋਣਾਂ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਚੋਣ ਕਮਿਸ਼ਨ ਆਦਰਸ਼ ਚੋਣ ਜ਼ਾਬਤੇ ਨੂੰ ਪੂਰੀ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਠੋਸ ਕਦਮ ਉਠਾਏ, ਤਾਂ ਜੋ ਆਮ ਲੋਕਾਂ ਵਿਚ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਾਉਣ ਸਬੰਧੀ ਵਿਸ਼ਵਾਸ ਕਾਇਮ ਹੋ ਸਕੇ। -ਪੀਟੀਆਈ