‘ਵੋਟ ਚੋਰੀ’ ਦੇ ਇਲਜ਼ਾਮਾਂ ’ਚ ਘਿਰਿਆ ਚੋਣ ਕਮਿਸ਼ਨ ਭਲਕੇ ਕਰੇਗਾ ਪ੍ਰੈੱਸ ਕਾਨਫਰੰਸ
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਲਾਏ ਗਏ ‘ਵੋਟ ਚੋਰੀ’ ਦੇ ਇਲਜ਼ਾਮਾਂ ਅਤੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR) ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਚੋਣ ਕਮਿਸ਼ਨ (EC) ਭਲਕੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਕਰੇਗਾ।
ਚੋਣ ਅਥਾਰਟੀ ਵਲੋਂ ਚੋਣਾਂ ਸਬੰਧੀ ਪ੍ਰੋਗਰਾਮ ਦੇ ਐਲਾਨ ਤੋਂ ਇਲਾਵਾ ਕਿਸੇ ਹੋਰ ਮੁੱਦੇ ਨੁੂੰ ਲੈ ਕੇ ਰਸਮੀ ਪ੍ਰੈੱਸ ਕਾਨਫਰੰਸ ਸੱਦਣੀ ਕੋਈ ਸਧਾਰਨ ਗੱਲ ਨਹੀਂ ਹੈ।
ਹਾਲਾਂਕਿ ਅਜੇ ਤੱਕ ਪ੍ਰੈੱਸ ਕਾਨਫਰੰਸ ਦਾ ਵਿਸ਼ਾ ਸਾਫ਼ ਨਹੀਂ ਕੀਤਾ ਗਿਆ ਪਰ ਅਧਿਕਾਰੀਆਂ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਵਿਰੁੱਧ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੀ ਹੈ।
ਦੱਸ ਦਈਏ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਾਰ-ਵਾਰ ਚੋਣ ਪੈਨਲ ’ਤੇ ਵੋਟਰ-ਡੇਟਾ ਨਾਲ ਛੇੜਛਾੜ ਅਤੇ ਮਹਾਰਾਸ਼ਟਰ, ਕਰਨਾਟਕ ਤੇ ਹਰਿਆਣਾ ਵਿੱਚ ‘ਵੋਟ ਚੋਰੀ’ ਦੇ ਦੋਸ਼ ਲਾਏ ਹਨ।
ਕਮਿਸ਼ਨ ਨੇ ਕਾਂਗਰਸੀ ਆਗੂ ਨੂੰ ਉਨ੍ਹਾਂ ਲੋਕਾਂ ਵੇਰਵੇ ਹਲਫ਼ਨਾਮੇ ਸਣੇ ਜਮ੍ਹਾਂ ਕਰਨ ਲਈ ਕਿਹਾ ਹੈ, ਜਿਨ੍ਹਾਂ ਦੇ ਨਾਂ ਸੂਚੀ ਵਿੱਚ ਗਲਤ ਤਰੀਕੇ ਨਾਲ ਜੋੜੇ ਗਏ ਜਾਂ ਹਟਾਏ ਗਏ ਹਨ।
ਚੋਣ ਕਮਿਸ਼ਨ ਨੇ ਇਹ ਵੀ ਕਿਹਾ ਕਿ ਜੇ ਵਿਰੋਧੀ ਧਿਰ ਦੇ ਨੇਤਾ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਕੋਈ ਸਬੂਤ ਨਹੀਂ ਦਿੰਦੇ ਹਨ ਤਾਂ ਰਾਹੁਲ ਗਾਂਧੀ ਨੁੂੰ ਮੁਆਫ਼ੀ ਮੰਗਣੀ ਚਾਹੀਦੀ ਹੈ।