ਚੋਣ ਇਜਲਾਸ: ਭਰਤੀ ਕਮੇਟੀ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਤੋਂ ਨਾਂਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਨੂੰ ਪ੍ਰਧਾਨਗੀ ਦੀ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਇਸ ਦੀ ਥਾਂ ਭਾਈ ਗੁਰਦਾਸ ਹਾਲ ਦੀ ਪੇਸ਼ਕਸ਼ ਕੀਤੀ ਹੈ। ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਪ੍ਰਧਾਨਗੀ ਦੀ ਚੋਣ ਵਾਸਤੇ ਇਸ ਸਮੇਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਸਤਵੰਤ ਕੌਰ ਦੇ ਨਾਵਾਂ ਦੀ ਚਰਚਾ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਬੀਬੀ ਸਤਵੰਤ ਕੌਰ ਦੇ ਨਾਂ ’ਤੇ ਭਰਤੀ ਕਮੇਟੀ ਮੈਂਬਰਾਂ ਨੂੰ ਸੌਂਪ ਪੱਤਰ ਵਿੱਚ ਭਾਈ ਗੁਰਦਾਸ ਹਾਲ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਭਾਈ ਗੁਰਦਾਸ ਹਾਲ ਇਥੇ ਹੈਰੀਟੇਜ ਸਟਰੀਟ ਵਿੱਚ ਸਥਿਤ ਹੈ। ਇਹ ਹਾਲ ਸ਼੍ਰੋਮਣੀ ਕਮੇਟੀ ਅਤੇ ਹੋਰ ਕਈ ਸਿੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਸਿੱਖ ਕਾਰਜਾਂ ਲਈ ਅਕਸਰ ਵਰਤਿਆ ਜਾਂਦਾ ਹੈ।
ਇਸ ਦੀ ਪੁਸ਼ਟੀ ਕਰਦਿਆਂ ਭਰਤੀ ਕਮੇਟੀ ਨਾਲ ਸਬੰਧਤ ਇੱਕ ਆਗੂ ਨੇ ਦੱਸਿਆ ਕਿ ਭਰਤੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਸੌਂਪ ਕੇ ਸ਼੍ਰੋਮਣੀਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਕੀਤੀ ਗਈ ਸੀ, ਪਰ ਉਨ੍ਹਾਂ ਭਾਈ ਗੁਰਦਾਸ ਹਾਲ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਹਾਲ ਦੇ ਹੇਠਲੇ ਹਿੱਸੇ ਵਿੱਚ ਸਾਮਾਨ ਪਿਆ ਹੈ, ਜਦੋਂਕਿ ਉਪਰਲੇ ਹਾਲ ਵਿੱਚ ਸੀਲਿੰਗ ਦਾ ਕੰਮ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿੱਚ ਚੋਣ ਇਜਲਾਸ ਕਰਵਾਉਣਾ ਮੁਸ਼ਕਲ ਹੈ। ਇਸ ਦੌਰਾਨ ਭਰਤੀ ਕਮੇਟੀ ਵੱਲੋਂ ਨਿਹੰਗ ਜਥੇਬੰਦੀ ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਬਣੇ ਸਥਾਨ ਦੀ ਵਰਤੋਂ ਵਾਸਤੇ ਵੀ ਯਤਨ ਕੀਤਾ ਜਾ ਰਿਹਾ ਹੈ।
ਇਸ ਚੋਣ ਇਜਲਾਸ ਵਿੱਚ ਪ੍ਰਧਾਨਗੀ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਧੀ ਬੀਬੀ ਸਤਵੰਤ ਕੌਰ ਦੇ ਨਾਵਾਂ ਦੀ ਚਰਚਾ ਹੈ। ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨੇੇ ਸਪਸ਼ਟ ਕੀਤਾ ਕਿ ਉਹ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀਂ ਹਨ।
ਇਸ ਦੌਰਾਨ ਅਕਾਲੀ ਆਗੂ ਕਰਨੈਲ ਸਿੰਘ ਪੰਜੌਲੀ ਨੇ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਕਰਵਾਉਣ ਦੀ ਅਪੀਲ ਕੀਤੀ ਹੈ।