ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਨਵੰਬਰ
ਇੱਥੋਂ ਦੇ ਟਿਕਰੀ ਬਾਰਡਰ ’ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਅਧੂਰੇ ਕੰਮ ਨੂੰ ਪੂਰਾ ਕਰਨ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਦੀ ਕਾਰਵਾਈ ਅੱਜ ਔਰਤਾਂ ਨੇ ਸੰਭਾਲੀ। ਇਸ ਮੌਕੇ ਦ੍ਰਿੜ੍ਹ ਇਰਾਦੇ ਨਾਲ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਸਟੇਜ ਤੋਂ ਸੂਬਾਈ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਤੇ ਮਹਿਲਾ ਜਥੇਬੰਦੀ ਦੀ ਆਗੂ ਗੁਰਪ੍ਰੀਤ ਕੌਰ ਬਰਾਸ ਨੇ ਕਿਹਾ ਕਿ ਅੰਗਰੇਜ਼ ਹਕੂਮਤ ਨੇ ਆਪਣੇ ਰਾਜ ਦੌਰਾਨ ਭਾਰਤ ਦੀ ਖੇਤੀ ਸਮੇਤ ਹੋਰ ਵਸੀਲਿਆਂ ਅਤੇ ਕਿਰਤ ਦੀ ਲੁੱਟ ਬਹੁਤ ਤੇਜ਼ ਕੀਤੀ ਹੋਈ ਸੀ। ਭਾਰਤ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਤੇ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਜਾ ਰਹੇ ਸਨ। ਕਰਤਾਰ ਸਿੰਘ ਸਰਾਭਾ ਵੀ ਉਚੇਰੀ ਸਿੱਖਿਆ ਦੀ ਪੜ੍ਹਾਈ ਲਈ ਅਮਰੀਕਾ ਚਲਾ ਗਿਆ ਸੀ। ਉੱਥੇ ਵੀ ਭਾਰਤ ਦੇ ਲੋਕਾਂ ਦਾ ਬਹੁਤ ਸ਼ੋਸ਼ਣ ਕੀਤਾ ਜਾ ਰਿਹਾ ਸੀ ਜਿਸ ਦੇ ਖ਼ਿਲਾਫ਼ ਚੱਲ ਰਹੀ ਲਹਿਰ ਦੌਰਾਨ ਸਰਾਭੇ ਦਾ ਮੇਲ ਉੱਥੇ ਭਾਰਤ ਦੇ ਇਨਕਲਾਬੀਆਂ ਨਾਲ ਹੋਇਆ ਜੋ ਦੇਸ਼ ਨੂੰ ਆਜ਼ਾਦ ਕਰਾਉਣ ਲਈ ਵਿਉਂਤਾਂ ਬਣਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਗ਼ਦਰ ਪਾਰਟੀ ਦੀ ਸਥਾਪਨਾ ਕੀਤੀ ਜਿਸ ਵਿੱਚ ਕਰਤਾਰ ਸਰਾਭੇ ਨੇ ਅਹਿਮ ਰੋਲ ਨਿਭਾਇਆ। ਦੇਸ਼ ਵਿੱਚੋਂ ਅੰਗਰੇਜ਼ਾਂ ਨੂੰ ਕੱਢਣ ਅਤੇ ਭਾਰਤੀ ਲੋਕਾਂ ਦੀ ਲੁੱਟ ਪੂਰੀ ਤਰ੍ਹਾਂ ਖ਼ਤਮ ਕਰਾਉਣ ਲਈ ਉਨ੍ਹਾਂ ਨੇ ਭਾਰਤ ਵਾਪਸ ਆ ਕੇ ਅੰਗਰੇਜ਼ਾਂ ਖ਼ਿਲਾਫ਼ ਬਗ਼ਾਵਤ ਕਰ ਦਿੱਤੀ। ਅੰਗਰੇਜ਼ ਹਕੂਮਤ ਨੇ ਆਪਣੇ ਮੁਖ਼ਬਰਾਂ ਰਾਹੀ ਕਰਤਾਰ ਸਿੰਘ ਸਰਾਭਾ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅੱਜ ਦੇ ਦਿਨ ਉਸ ਦੇ ਛੇ ਸਾਥੀਆਂ ਸਮੇਤ ਕਰਤਾਰ ਸਿੰਘ ਸਰਾਭੇ ਨੂੰ ਫਾਂਸੀ ਦੇ ਦਿੱਤੀ। ਬੁਲਾਰਿਆਂ ਕਿਹਾ ਕਿ ਭਾਰਤ ਦੇ ਕਿਰਤੀ ਲੋਕਾਂ ਦੀ ਲੁੱਟ ਖ਼ਤਮ ਕਰਾਉਣ ਲਈ ਦੇਸ਼ ਦੇ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੰਗਰੇਜ਼ ਭਾਰਤ ’ਚੋਂ ਚਲੇ ਗਏ ਪਰ ਸਾਮਰਾਜੀਆਂ ਵੱਲੋਂ ਅੱਜ ਇੱਥੋਂ ਦੀਆਂ ਦਲਾਲ ਹਕੂਮਤਾਂ ਦੇ ਗੱਠਜੋੜ ਸਦਕਾ ਲੁੱਟ ਪਹਿਲਾਂ ਨਾਲੋਂ ਵੀ ਤੇਜ਼ ਕੀਤੀ ਹੋਈ ਹੈ। ਕਿਸਾਨਾਂ ਵੱਲੋਂ ਤਿਆਰ ਕੀਤੀ ਜਾਂਦੀ ਸਾਰੀ ਉਪਜ ’ਤੇ ਕਬਜ਼ਾ ਕਰਵਾਉਣ, ਅਨਾਜ, ਸਬਜ਼ੀਆਂ ਅਤੇ ਫਲਾਂ ਦੀਆਂ ਮੰਡੀਆਂ ਦਾ ਭੋਗ ਪਾ ਕੇ ਸਾਮਰਾਜੀ ਕਾਰਪੋਰੇਟ ਘਰਾਣਿਆਂ ਨੂੰ ਕਿਰਤੀ ਲੋਕਾਂ ਦੀ ਅੰਨ੍ਹੀ ਲੁੱਟ ਕਰਨ ਲਈ ਮੋਦੀ ਸਰਕਾਰ ਨਵੇਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਧੱਕੇ ਨਾਲ ਲਾਗੂ ਕਰਨ ’ਤੇ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਮਰਾਜੀ, ਜਾਗੀਰਦਾਰਾਂ ਹੱਥੋਂ ਕਿਰਤੀ ਲੋਕਾਂ ਦੀ ਲੁੱਟ ਖ਼ਤਮ ਕਰਾਉਣ ਲਈ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈਂਦਿਆਂ ਸ਼ਹੀਦਾਂ ਨੂੰ ਸਿਰਫ ਬੁੱਤਾਂ ’ਤੇ ਹਾਰ ਪਾ ਕੇ ਸਰਧਾਂਜਲੀਆਂ ਦੇਣ ਦੀ ਬਜਾਏ ਦ੍ਰਿੜ੍ਹ ਇਰਾਦੇ ਨਾਲ ਸੰਘਰਸ਼ਾਂ ਦੇ ਮੈਦਾਨਾਂ ਵਿੱਚ ਆਉਣ ਦੀ ਲੋੜ ਹੈ। ਇਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।