ਜੰਮੂ, 27 ਨਵੰਬਰ
ਜੰਮੂ ਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਯੂਨੀਵਰਸਿਟੀ ਵਿੱਚ ਸਥਾਪਤ ਗੁਰੂ ਨਾਨਕ ਚੇਅਰ ਦਾ ਅੱਜ ਉਦਘਾਟਨ ਕੀਤਾ। ਸ੍ਰੀ ਸਿਨਹਾ ਨੇ ਕਿਹਾ ਕਿ ਜਲਦੀ ਹੀ ਗੋਜਰੀ ਤੇ ਪਹਾੜੀ (ਖੇਤਰੀ) ਭਾਸ਼ਾਵਾਂ ਦੇ ਪ੍ਰਚਾਰ ਪਾਸਾਰ ਲਈ ਵੀ ਚੇਅਰਾਂ ਸਥਾਪਤ ਕੀਤੀਆਂ ਜਾਣਗੀਆਂ। ਉਪ ਰਾਜਪਾਲ ਨੇ ਕਿਹਾ, ‘ਦੇਸ਼ ਦੀ ਸੰਸਦ ਵਿੱਚ ਜੰਮੂ ਤੇ ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ 2020 ਨੂੰ ਪਾਸ ਕਰਨ ਮੌਕੇ ਭਾਰਤ ਸਰਕਾਰ ਨੇ ਜੰਮੂ ਤੇ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਪਾਸਾਰ ਤੇ ਵਿਕਾਸ ਲਈ ਯਤਨ ਕਰਨ ਸਬੰਧੀ ਸਹਿਮਤੀ ਦਿੱਤੀ ਸੀ ਤੇ ਅੱਜ ਦਾ ਇਹ ਮੌਕਾ ਉਸ ਦਿਸ਼ਾ ਵਿੱਚ ਅਹਿਮ ਕਦਮ ਹੈ।’ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਚੇਅਰ ਸਥਾਪਤ ਕੀਤੇ ਜਾਣ ਨਾਲ ਵਿਦਿਆਰਥੀਆਂ ਦੇ ਅੰਦਰੂਨੀ ਤੇ ਬਾਹਰੀ ਵਿਕਾਸ ’ਚ ਮਦਦ ਮਿਲੇਗੀ। ਚੇਤੇ ਰਹੇ ਕਿ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪਾਸ ਉਪਰੋਕਤ ਬਿੱਲ ’ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਰੱਖਿਆ ਗਿਆ ਸੀ, ਜਿਸ ਦਾ ਵੱਖ ਵੱਖ ਸਿਆਸੀ ਪਾਰਟੀਆਂ ਤੇ ਸਥਾਨਕ ਲੋਕਾਂ ਨੇ ਵੱਡੇ ਪੱਧਰ ’ਤੇ ਵਿਰੋਧ ਕੀਤਾ ਸੀ। -ਪੀਟੀਆਈ