ਨਵੀਂ ਦਿੱਲੀ, 9 ਅਪਰੈਲ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇਟਲੀ ਵੱਲੋਂ ਦੋ ਭਾਰਤੀ ਮਛੇਰਿਆਂ ਨੂੰ ਦਿੱਤਾ ਗਿਆ ਮੁਆਵਜ਼ਾ ਸਿਖ਼ਰਲੀ ਅਦਾਲਤ ਦੇ ਖਾਤੇ ਵਿਚ ਜਮ੍ਹਾਂ ਕਰਵਾਇਆ ਜਾਵੇ। ਦੱਸਣਯੋਗ ਹੈ ਕਿ ਫਰਵਰੀ 2012 ਵਿਚ ਕੇਰਲਾ ਦੇ ਤੱਟ ’ਤੇ ਇਟਲੀ ਦੀ ਜਲ ਸੈਨਾ ਦੇ ਜਵਾਨਾਂ ਨੇ ਦੋ ਭਾਰਤੀ ਮਛੇਰਿਆਂ ਨੂੰ ਗੋਲੀ ਮਾਰ ਦਿੱਤੀ ਸੀ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਵੰਡੇਗਾ। ਅਦਾਲਤ ਨੇ ਕਿਹਾ ਕਿ ਮੁਆਵਜ਼ਾ ਮਿਲਣ ਤੋਂ ਹਫ਼ਤੇ ਬਾਅਦ ਸਿਖ਼ਰਲੀ ਅਦਾਲਤ ਇਟਲੀ ਦੇ ਫ਼ੌਜੀਆਂ ਖ਼ਿਲਾਫ਼ ਕੇਸ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਅਪੀਲ ਉਤੇ ਸੁਣਵਾਈ ਕਰੇਗੀ। ਸੁਣਵਾਈ ਦੌਰਾਨ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਹੁੰਦਿਆਂ ਕਿਹਾ ਕਿ ਪੀੜਤ ਪਰਿਵਾਰਾਂ ਨੇ ਦਸ ਕਰੋੜ ਰੁਪਏ ਦੇ ਮੁਆਵਜ਼ੇ ਨੂੰ ਸਹਿਮਤੀ ਦੇ ਦਿੱਤੀ ਸੀ। ਇਸ ਮਾਮਲੇ ਵਿਚ ਐਕਸ-ਗ੍ਰੇਸ਼ੀਆ ਰਾਸ਼ੀ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ। -ਪੀਟੀਆਈ