ਫ਼ਰੀਦਕੋਟ ਪੁਲੀਸ ਵੱਲੋਂ ਹੈਰੋਇਨ ਦੀ ਰਿਕਾਰਡ ਬਰਾਮਦਗੀ, ਦੋ ਸ਼ੱਕੀ ਗ੍ਰਿਫ਼ਤਾਰ
ਪੁਲੀਸ ਨੇ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਹੈਰੋਇਨ ਦੀ ਰਿਕਾਰਡ ਮਾਤਰਾ ਜ਼ਬਤ ਕੀਤੀ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਛਾਪੇਮਾਰੀ ਦੌਰਾਨ 12 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਇਸ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕਰਕੇ ਲਿਆਂਦਾ ਗਿਆ ਸੀ।
ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ, ‘‘ਅਨੁਸਾਰ ਇਹ ਕਾਰਵਾਈ ਉਦੋਂ ਸ਼ੁਰੂ ਹੋਈ ਜਦੋਂ ਸਦਰ ਥਾਣੇ ਦੇ ਮੁਖੀ ਇੰਸਪੈਕਟਰ ਰਾਜੇਸ਼ ਕੁਮਾਰ ਵੱਲੋਂ ਨਾਕਾ ਲਾਏ ਜਾਣ ਦੌਰਾਨ ਇੱਕ ਮੁਖ਼ਬਰ ਵੱਲੋਂ ਪ੍ਰਾਪਤ ਸੂਚਨਾ ’ਤੇ ਪੁਲੀਸ ਨੂੰ ਝਾੜੀਵਾਲਾ ਪਿੰਡ ਦੇ ਇੱਕ ਘਰ ਦਾ ਪਤਾ ਲੱਗਾ, ਜਿੱਥੇ ਨਸ਼ਾ ਤਸਕਰਾਂ ਦੇ ਸਰਗਰਮ ਹੋਣ ਦਾ ਸ਼ੱਕ ਸੀ।’’
ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਦੋ ਸ਼ੱਕੀ ਵਿਅਕਤੀਆਂ - ਝਾੜੀਵਾਲਾ ਪਿੰਡ ਦੇ ਸੁਖਪ੍ਰੀਤ ਸਿੰਘ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਾਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਅਫ਼ਸਰਾਂ ਨੇ ਹੈਰੋਇਨ ਦਾ ਵੱਡਾ ਭੰਡਾਰ ਬਰਾਮਦ ਕੀਤਾ।
ਡਾ. ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਕਥਿਤ ਤੌਰ 'ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਸਰਹੱਦ ਪਾਰ ਹੈਰੋਇਨ ਦੀ ਖੇਪ ਮੰਗਵਾਈ ਸੀ। ਇਹ ਨਸ਼ਾ ਝਾੜੀਵਾਲਾ ਦੇ ਘਰ ਵਿੱਚ ਸਟੋਰ ਕੀਤਾ ਗਿਆ ਸੀ ਅਤੇ ਇਸ ਨੂੰ ਅੱਗੇ ਵੰਡਣ ਦੀ ਤਿਆਰੀ ਸੀ। ਪੁਲੀਸ ਨੇ ਇਸ ਨੂੰ ਹੋਰ ਧਿਰਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ।
ਐੱਸਐੱਸਪੀ ਨੇ ਦੱਸਿਆ ਕਿ ਇਹ ਜ਼ਿਲ੍ਹੇ ਵਿਚ ਹੁਣ ਤੱਕ ਦੀ ਇੱਕ ਦਿਨ ਵਿੱਚ ਹੈਰੋਇਨ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਸ਼ੱਕੀ ਵਿਅਕਤੀਆਂ ਨੂੰ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।