ਮੁਜ਼ੱਫ਼ਰਨਗਰ, 7 ਮਾਰਚ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਟਿਕੈਤ ਨੇ ਇਥੇ ਰਾਮਰਾਜ ਕਸਬੇ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਸੌ ਦਿਨਾਂ ਪੂਰੇ ਹੋਣ ਦੇ ਮੌਕੇ ਸਮਾਗਮ ਵਿੱਚ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ ਅਤੇ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਹਿਮਤ ਨਹੀਂ ਹੁੰਦੀ। ਇਸ ਦੌਰਾਨ ਮੁਜ਼ੱਫ਼ਰਨਗਰ ਤੋਂ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਸੰਜੀਵ ਬਾਲਿਆਨ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਦਾਇਕ ਹਨ। ਖੇਤੀ ਕਾਨੂੰਨਾਂ ਕਾਰਨ ਜੇ ਇਕ ਵੀ ਕਿਸਾਨ ਦੀ ਜ਼ਮੀਨ ਲੈ ਲਈ ਤਾਂ ਉਹ ਸੰਸਦ ਤੋਂ ਅਸਤੀਫ਼ਾ ਦੇ ਦੇਣਗੇ। ਇਹ ਕਾਨੂੰਨ ਕਿਸਾਨਾਂ ਦੀ ਇੱਛਾ ਮੁਤਾਬਕ ਬਣੇ ਹਨ।