ਨਵੀਂ ਦਿੱਲੀ, 27 ਜੁਲਾਈ
ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਹੰਗਾਮੇ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਾਅਰੇਬਾਜ਼ੀ ਕਰਨ ਵਾਲੇ ਮੈਂਬਰਾਂ ’ਤੇ ਕਿਸਾਨਾਂ ਪ੍ਰਤੀ ਹਮਦਰਦੀ ਨਾ ਰੱਖਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਹੰਗਾਮੇ ਨਾਲ ਜਨਤਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਬਹੁਤ ਜ਼ਿਆਦਾ ਬਾਰਸ਼ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਸਬੰਧੀ ਪ੍ਰਸ਼ਨਾਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੱਜ ਦੇ ਏਜੰਡੇ ਵਿੱਚ ਖੇਤੀਬਾੜੀ ਅਤੇ ਕਿਸਾਨਾਂ ਨਾਲ ਜੁੜੇ 15 ਤੋਂ ਵੱਧ ਪ੍ਰਸ਼ਨ ਹਨ। ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕਰਨ ਵਾਲੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਿਹਾ ਕਿ ਜੇ ਉਨ੍ਹਾਂ ਵਿੱਚ ਕਿਸਾਨੀ ਪ੍ਰਤੀ ਕੋਈ ਹਮਦਰਦੀ ਹੈ ਤਾਂ ਉਨ੍ਹਾਂ ਨੂੰ ਆਪਣੀ ਜਗ੍ਹਾ ਸ਼ਾਂਤੀ ਨਾਲ ਬੈਠਣਾ ਚਾਹੀਦਾ ਹੈ ਅਤੇ ਸਵਾਲਾਂ ਰਾਹੀਂ ਆਪਣੀ ਗੱਲ ਰੱਖਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਸੁਣਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਇਸ ਤਰ੍ਹਾਂ ਦਾ ਹੰਗਾਮਾ ਸਦਨ ਦੇ ਸਨਮਾਨ ਨੂੰ ਸੱਟ ਮਾਰ ਰਿਹਾ ਹੈ ਤੇ ਜਨਤਾ ਦਾ ਨੁਕਸਾਨ ਵੀ ਹੋ ਰਿਹਾ ਹੈ। ਸਭ ਤੋਂ ਵੱਡੀ ਗੱਲ ਕਿਸਾਨਾਂ ਪ੍ਰਤੀ ਵਿਰੋਧੀ ਧਿਰ ਦਾ ਕਿਰਦਾਰ ਵੀ ਨਜ਼ਰ ਆ ਰਿਹਾ ਹੈ।”