ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਮਈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੌਰੇ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਕੁੰਡਲੀ-ਮਾਨੇਸਰ-ਪਲਵਲ (ਕੇਐੱਮਪੀ) ਐਕਸਪ੍ਰੈੱਸ ਮਾਰਗ ਦੋ ਘੰਟੇ ਲਈ ਜਾਮ ਕਰ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨੇ ਇਸ ਤਸ਼ੱਦਦ ਦੀ ਨਿਖੇਧੀ ਕੀਤੀ। ਜਿਉਂ ਹੀ ਸਿੰਘੂ ਬਾਰਡਰ ਦੇ ਕਿਸਾਨਾਂ ਨੂੰ ਹਿਸਾਰ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਕਰਨ ਤੇ ਔਰਤਾਂ ਨਾਲ ਖਿੱਚ-ਧੂਹ ਕਰਨ ਦਾ ਪਤਾ ਲੱਗਾ ਤਾਂ ਉਹ ਤੁਰੰਤ ‘ਕੇਐੱਮਪੀ’ ਐਕਸਪ੍ਰੈੱਸ ਮਾਰਗ ’ਤੇ ਪੁੱਜ ਗਏ ਤੇ ਉੱਥੇ ਧਰਨਾ ਲਾ ਕੇ ਉਨ੍ਹਾਂ ਨੇ ਰੋਡ ਜਾਮ ਕਰ ਦਿੱਤਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਦੇਰ ਸ਼ਾਮ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਵਿਕਾਸ ਸੀਸਰ ਆਦਿ ਦੀ ਪੁਲੀਸ ਅਧਿਕਾਰੀਆਂ ਨਾਲ ਬੈਠਕ ਮਗਰੋਂ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋ ਗਿਆ ਹੈ ਤੇ ਭਲਕੇ ਹਰਿਆਣਾ ਦੇ ਕਿਸਾਨਾਂ ਵੱਲੋਂ ਸੂਬੇ ਦੇ ਥਾਣਿਆਂ ਦਾ ਘਿਰਾਓ ਕਰਨ ਦੇ ਕੀਤੇ ਐਲਾਨ ਨੂੰ ਵਾਪਸ ਲੈ ਲਿਆ ਗਿਆ ਹੈ। ਇਸੇ ਦੌਰਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਸਾਉਣੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਤਿੰਨ ਤਰ੍ਹਾਂ ਦੀਆਂ ਦਾਲਾਂ ’ਤੇ ਦਰਾਮਦ ਪਾਬੰਦੀਆਂ ਹਟਾਉਣ ਅਤੇ ਉਨ੍ਹਾਂ ਨੂੰ ਖੁੱਲ੍ਹੀ ਸ਼੍ਰੇਣੀ ਵਿੱਚ ਤਬਦੀਲ ਕਰਨ ਦਾ ਭਾਰਤ ਸਰਕਾਰ ਦਾ ਫ਼ੈਸਲਾ ਇਨ੍ਹਾਂ ਫ਼ਸਲਾਂ ਦੇ ਘਰੇਲੂ ਉਤਪਾਦਨ ਲਈ ਨੁਕਸਾਨਦੇਹ ਹੋਵੇਗਾ। ਕਿਸਾਨਾਂ ’ਤੇ ਲਾਠੀਚਾਰਜ ਦੇ ਵਿਰੋਧ ਵਿੱਚ ਬਹਾਦਰਗੜ੍ਹ ਵਿੱਚ ਟਿਕਰੀ ਧਰਨੇ ਦੇ ਅੰਦੋਲਨਕਾਰੀ ਕਿਸਾਨਾਂ ਨੇ ਦਲਾਲ-84 ਦੇ ਧਰਨੇ ਨੇੜੇ ਬਾਈਪਾਸ ਜਾਮ ਕਰ ਦਿੱਤਾ। ਕਿਸਾਨਾਂ ਨੇ ਲਗਪਗ 2 ਘੰਟੇ ਸੜਕ ਜਾਮ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠ ਕੇ ਸ਼ਾਂਤਮਈ ਅੰਦੋਲਨ ਚਲਾ ਰਹੇ ਹਨ, ਪਰ ਸਰਕਾਰ ਕਿਸਾਨਾਂ ’ਤੇ ਲਾਠੀਚਾਰਜ ਕਰ ਰਹੀ ਹੈ।