ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕਰਨ ਦੇ ਦਿੱਤੇ ਗਏ ਸੱਦੇ ’ਤੇ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਇਕ ਵੱਡੇ ਜਥੇ ਨੇ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਸੂਬਾਈ ਆਗੂ ਹਰਮੇਸ਼ ਸਿੰਘ ਢੇਸੀ ਅਤੇ ਰਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਸਿੰਘੂ ਬਾਰਡਰ ’ਤੇ ਲੱਗੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਇਸ ਜਥੇ ਨੇ ਕੇਐੱਫਸੀ ਨੇੜੇ ਪੈਟਰੋਲ ਪੰਪ ਤੋਂ ਲੈ ਕੇ ਸਟੇਜ ਤੱਕ ਮਾਰਚ ਕਰਨ ਮਗਰੋਂ ਪੰਡਾਲ ਦੀ ਰੌਣਕ ਵਧਾਈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀ ਕੇ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਥਕਾ-ਹੰਭਾ ਕੇ ਮੋਰਚਾ ਖਿੰਡਾਉਣ ਦੇ ਭਰਮ ਪਾਲ ਰਹੀ ਹੈ। ਦੇਸ਼ ਦੀ ਕਿਸਾਨੀ ਸਰਕਾਰ ਦੇ ਅਜਿਹੇ ਸਾਰੇ ਭਰਮ ਅਤੇ ਮਨਸੂਬੇ ਚਕਨਾਚੂਰ ਕਰਕੇ ਆਪਣੇ ਸੰਘਰਸ਼ ਨੂੰ ਅੱਗੇ ਵਧਾਏਗੀ। ਉਨ੍ਹਾਂ ਕਿਹਾ,‘‘ਮੌਜੂਦਾ ਕਿਸਾਨੀ ਘੋਲ ਇਤਿਹਾਸ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਹੈ ਜਿਸ ਨਾਲ ਕਾਰਪੋਰੇਟ ਵਿਰੁੱਧ ਲੋਕ ਰੋਹ ਉਸਰਿਆ ਹੈ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਹਲਚਲ ਹੈ। ਅਮਰੀਕਾ ਤੇ ਅੰਤਰਰਾਸ਼ਟਰੀ ਮੁਦਰਾ ਕੋਸ਼ ਦੇ ਬਿਆਨ ਇਸ ਦੀ ਪ੍ਰਮੁੱਖ ਮਿਸਾਲ ਹਨ। ਜਿੰਨਾ ਲੰਬਾ ਘੋਲ ਚੱਲੇਗਾ, ਭਾਜਪਾ ਦੇ ਫਾਸ਼ੀਵਾਦੀ ਏਜੰਡੇ ਨੂੰ ਓਨੀ ਢਾਹ ਲੱਗੇਗੀ ਅਤੇ ਭਵਿੱਖ ਵਿੱਚ ਇਸ ਤੋਂ ਵੀ ਵੱਡੇ ਕਿਸਾਨ ਪੱਖੀ ਘੋਲ ਉਸਰਨ ਦੀ ਨੀਂਹ ਰੱਖੀ ਜਾਵੇਗੀ।’’ ਉਨ੍ਹਾਂ ਕਿਹਾ ਕਿ ਅਗਲੇ ਚਾਰ ਦਿਨਾਂ ਤੱਕ ਕਿਰਤੀ ਕਿਸਾਨ ਯੂਨੀਅਨ ਦੇ ਵੱਡੇ ਜਥੇ ਹਰ ਰੋਜ਼ ਸਿੰਘੂ ਅਤੇ ਟਿਕਰੀ ਬਾਰਡਰ ’ਤੇ ਲੱਗੇ ਮੋਰਚਿਆਂ ਚ ਸ਼ਾਮਲ ਹੋ ਕੇ ਮੋਰਚਿਆਂ ਨੂੰ ਮਜ਼ਬੂਤ ਕਰਨ ਦੇ 32 ਜਥੇਬੰਦੀਆਂ ਦੇ ਸੱਦੇ ਨੂੰ ਪ੍ਰਵਾਨ ਚੜ੍ਹਾਉਣਗੇ ਅਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਨੂੰ ਅੱਗੇ ਵਧਾਉਣਗੇ।