ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Video: ਸ਼ੰਭੂ ਬਾਰਡਰ: ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਜਥਾ ਵਾਪਸ ਸੱਦਿਆ

ਪੁਲੀਸ ਵੱਲੋਂ ਪਾਣੀ ਦੀਆਂ ਬੁਛਾੜਾਂ; ਅੱਥਰੂ ਗੈਸ ਛੱਡੀ; 15 ਕਿਸਾਨ ਜ਼ਖ਼ਮੀ; ਇਕ ਕਿਸਾਨ ਦੇ ਗੋਲੀ ਮਾਰਨ ਦੇ ਦੋਸ਼
f
Advertisement

ਸਰਬਜੀਤ ਸਿੰਘ ਭੰਗੂ/ਰਤਨ ਸਿੰਘ ਢਿੱਲੋਂ

ਸ਼ੰਭੂ/ਅੰਬਾਲਾ, 14 ਦਸੰਬਰ

Advertisement

ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਜਾਣ ਵੇਲੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲੀਸ ਨੇ ਸਖਤੀ ਕੀਤੀ। ਇਸ ਮੌਕੇ ਪੁਲੀਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਿਸ ਕਾਰਨ 15 ਕਿਸਾਨ ਜ਼ਖ਼ਮੀ ਹੋ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਕਿਸਾਨ ਦੇ ਰਬੜ ਦੀ ਗੋਲੀ ਵੱਜੀ ਹੈ। ਕਿਸਾਨ ਯੂਨੀਅਨ ਦੇ ਬੁਲਾਰੇ ਤੇਜਵੀਰ ਸਿੰਘ ਪੰਜੋਖਰਾ ਨੇ ਅੰਬਾਲਾ ਪੁਲੀਸ ਵੱਲੋਂ ਇੱਕ ਕਿਸਾਨ ਦੇ ਸਿੱਧੀ ਗੋਲੀ ਮਾਰਨ ਦਾ ਦੋਸ਼ ਲਾਇਆ  ਹੈ। ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਲੀਡਰਸ਼ਿਪ ਨੇ ਦਿੱਲੀ ਕੂਚ ਕਰਨ ਵਾਲੇ 101 ਕਿਸਾਨਾਂ ਦੇ ਤੀਜੇ ਜਥੇ ਨੂੰ ਵਾਪਸ ਬੁਲਾ ਲਿਆ ਹੈ ਜਿਸ ਤਹਿਤ ਜਥਾ ਵਾਪਸ ਧਰਨੇ ਵਾਲੇ ਕੈਂਪ ਵਿੱਚ ਚਲਾ ਗਿਆ ਹੈ। ਇਸ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਮੋਰਚੇ ਦੇ ਮੋਢੀ ਸਰਵਣ ਸਿੰਘ ਪੰਧੇਰ ਵੱਲੋਂ ਸ਼ਾਮੀ ਪ੍ਰੈੱਸ ਕਾਨਫਰੰਸ ਕਰਕੇ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਦੇ ਕਿਸਾਨ ਜਥੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਲਕੀਤ ਸਿੰਘ ਗੁਲਾਮੀ ਵਾਲਾ ਨੇ ਦਿੱਤੀ।

ਇਸ ਤੋਂ ਪਹਿਲਾਂ ਦਿੱਲੀ ਚੱਲੋ ਮਾਰਚ ਦੌਰਾਨ ਇੱਕ ਕਿਸਾਨ ਆਗੂ ਨੇ ਬੈਰੀਕੇਡਾਂ ਰਾਹੀਂ ਪੁਲੀਸ ਨਾਲ ਗੱਲ ਕਰਦਿਆਂ ਕਿਹਾ, ‘ਐਸਪੀ ਸਾਹਿਬ, ਅਸੀਂ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਾਂ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਡੇ ਧਰਨੇ ਨੂੰ ਨਾ ਰੋਕੋ, ਕਿਰਪਾ ਕਰਕੇ ਸਾਨੂੰ ਸੜਕ ’ਤੇ ਲਾਂਘਾ ਦਿਓ, ਸਾਨੂੰ ਅੱਗੇ ਵਧਣ ਦਿੱਤਾ ਜਾਵੇ। ਸਾਡੀ ਆਵਾਜ਼ ਨੂੰ ਇਨ੍ਹਾਂ ਲੋਹੇ ਅਤੇ ਪੱਥਰ ਦੀਆਂ ਰੁਕਾਵਟਾਂ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ।’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 50 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।

 

ਇਸ ਤੋਂ ਪਹਿਲਾਂ ਹਰਿਆਣਾ ਪੁਲੀਸ ਨੇ ਕਿਸਾਨਾਂ ਦਾ ਤੀਜਾ ਜਥਾ ਵੀ ਰੋਕ ਲਿਆ ਹੈ ਪਰ ਕਿਸਾਨਾਂ ਦੇ ਨਾ ਰੁਕਣ ’ਤੇ ਹਰਿਆਣਾ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਐਸਪੀ ਅੰਬਾਲਾ ਨੇ ਕਿਸਾਨ ਆਗੂ ਦੇ ਤਰਕਾਂ ਨੂੰ ਦਰਕਿਨਾਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅਤੇ 24 ਜੁਲਾਈ ਦੇ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਦੀ ਮੀਟਿੰਗ 3-4 ਦਿਨਾਂ ਵਿਚ ਹੋਵੇਗੀ। ਅਗਲੀ ਸੁਣਵਾਈ 18 ਤਰੀਖ਼ ਰੱਖੀ ਗਈ ਹੈ। ਐਸਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੈਠਣ ਦੀ ਅਪੀਲ ਕਰਦਿਆਂ ਕਿਹਾ ‌ਕਿ ਜਦੋਂ ਉਨ੍ਹਾਂ ਨੂੰ ਦਿੱਲੀ ਜਾਣ ਦੀ ਮਨਜ਼ੂਰੀ ਮਿਲੇਗੀ ਉਹ ਆਪ ਦਿੱਲੀ ਛੱਡ ਕੇ ਆਉਣਗੇ।

ਗ਼ੌਰਤਲਬ ਹੈ ਕਿ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਢਾਬੀ ਗੁਜਰਾਂ ਸਰਹੱਦਾਂ ਉਤੇ ਕਿਸਾਨ ਫਰਵਰੀ ਤੋਂ ਰੋਸ ਜਤਾ ਰਹੇ ਹਨ। ਕਿਸਾਨ ਆਗੂਆਂ ਨੇ ਸ਼ਾਂਤਮਈ ਢੰਗ ਨਾਲ ਅਤੇ ਬਿਨਾਂ ਟਰੈਕਟਰਾਂ-ਟਰਾਲੀਆਂ ਤੋਂ ਪੈਦਲ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਤਹਿਤ ਪਹਿਲਾਂ 6 ਦਸੰਬਰ ਨੂੰ 101 ਕਿਸਾਨ ਗਏ ਸਨ ਪਰ ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਜਥੇ ਨੂੰ ਸ਼ੰਭੂ ਬਾਰਡਰ ਨਾ ਟੱਪਣ ਦਿੱਤਾ ਅਤੇ ਉਨ੍ਹਾਂ ਸਖ਼ਤੀ ਨਾਲ ਰੋਕ ਦਿੱਤਾ। ਇਸ ਤੋਂ ਬਾਅਦ 8 ਦਸੰਬਰ ਨੂੰ ਫਿਰ 101 ਕਿਸਾਨਾਂ ਦੇ ਜਥੇ ਨੇ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਇਸ ਕੋਸ਼ਿਸ਼ ਨੂੰ ਵੀ ਹਰਿਆਣਾ ਪੁਲੀਸ ਨੇ ਸਖ਼ਤੀ ਨਾਲ ਨਾਕਾਮ ਕਰ ਦਿੱਤਾ।

Advertisement
Show comments