ਆਤਿਸ਼ ਗੁਪਤਾ
ਚੰਡੀਗੜ੍ਹ, 24 ਅਕਤੂਬਰ
ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ੀ ਜਲੌਅ ਵਾਲੇ ਦਸਹਿਰੇ ਲਈ ਸ਼ਹਿਰਾਂ ਅਤੇ ਪਿੰਡਾਂ ਦੇ ਮੈਦਾਨ ਤਿਆਰ-ਬਰ-ਤਿਆਰ ਹਨ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਅਤੇ ਸਾਮਰਾਜੀ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ ਜੋ ਸਾੜੇ ਜਾਣੇ ਹਨ। ਪਿੰਡਾਂ ਵਿੱਚ ਪੁਤਲੇ ਸਾੜਨ ਲਈ ਡਿਊਟੀਆਂ ਲੱਗ ਚੁੱਕੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ 41 ਸ਼ਹਿਰਾਂ ਤੇ ਇਕ ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਪੁਤਲੇ ਫੂਕੇ ਜਾਣਗੇ। ਇਸੇ ਦੌਰਾਨ ਪ੍ਰਾਈਵੇਟ ਥਰਮਲ ਪਲਾਂਟਾਂ ਵਿਚ ਕੋਲੇ ਦੀ ਸਪਲਾਈ ਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਰਾਜਪੁਰਾ ਥਰਮਲ ਪਲਾਂਟ ਨੂੰ ਜਾਣ ਵਾਲੇ ਰੇਲ ਮਾਰਗ ਨੂੰ ਵੀ ਬੰਦ ਕਰ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਰਾਜਪੁਰਾ ਰੇਲਵੇ ਲਾਈਨ ਨੂੰ ਅਗਲੇ ਫ਼ੈਸਲੇ ਤੱਕ ਬੰਦ ਰੱਖਿਆ ਜਾਵੇਗਾ।