DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕੂਚ ਕਰਨਗੇ ਕਿਸਾਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਕੀਤਾ ਐਲਾਨ; ਕਿਸਾਨ ਸ਼ੁਭਕਰਨ ਦੇ ਕਤਲ ਦੀ ਜਾਂਚ ਹਰਿਆਣਾ ਪੁਲੀਸ ਨੂੰ ਸੌਂਪਣ ਦਾ ਕੀਤਾ ਵਿਰੋਧ
  • fb
  • twitter
  • whatsapp
  • whatsapp
featured-img featured-img
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ:ਵਿੱਕੀ ਘਾਰੂ
Advertisement

* ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਚ 22 ਨੂੰ ਹੋਵੇਗੀ ਕਾਨਫਰੰਸ

* ਹਰਿਆਣਾ ’ਚ 15 ਸਤੰਬਰ ਨੂੰ ਮਹਾਪੰਚਾਇਤ ਕਰਨਗੇ ਕਿਸਾਨ

Advertisement

ਆਤਿਸ਼ ਗੁਪਤਾ

ਚੰਡੀਗੜ੍ਹ, 16 ਜੁਲਾਈ

ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਹਰਿਆਣਾ ਸਰਕਾਰ ਵੱਲੋਂ ਰਾਹ ਖੋਲ੍ਹੇ ਜਾਣ ’ਤੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਦੇ ਹੱਲ ਲਈ ਦਿੱਲੀ ਵਿਖੇ ਹੀ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਅਮਰਜੀਤ ਮੋਹਰੀ, ਅਭਿਮਨਿਊ ਕੋਹਾੜ, ਤੇਜਵੀਰ ਸਿੰਘ, ਮਲਕੀਤ ਸਿੰਘ, ਗੁਰਅਮਨੀਤ ਸਿੰਘ ਮਾਂਗਟ, ਗੁਰਿੰਦਰ ਭੰਗੂ, ਗੁਰਦਾਸ ਲੱਕੜਵਾਲੀ ਨੇ ਅੱਜ ਇਥੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸੜਕ ਖਾਲੀ ਕਰਨ ਸਬੰਧੀ ਦਿੱਤੇ ਹੁਕਮਾਂ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਤੇ ਹਰਿਆਣਾ ਦੀ ਸ਼ੰਭੂ ਤੇ ਖਨੌਰੀ ਹੱਦ ’ਤੇ ਸੜਕਾਂ ਕਿਸਾਨਾਂ ਨੇ ਨਹੀਂ ਸਗੋਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਜਾਮ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸੜਕਾਂ ਖੋਲ੍ਹਣੀਆਂ ਚਾਹੀਦੀਆਂ ਹਨ, ਜੇ ਹੁਣ ਵੀ ਹਰਿਆਣਾ ਸਰਕਾਰ ਇਹ ਸੜਕ ਨਹੀਂ ਖੋਲ੍ਹਦੀ ਤਾਂ ਵਪਾਰੀ ਵਰਗ ਵੀ ਭਾਜਪਾ ਖ਼ਿਲਾਫ਼ ਸੰਘਰਸ਼ ਦਾ ਰਾਹ ਅਖਤਿਆਰ ਕਰੇਗਾ।

ਕਿਸਾਨ ਆਗੂਆਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੀ ਜਾਂਚ ਹਰਿਆਣਾ ਪੁਲੀਸ ਨੂੰ ਸੌਂਪਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਭਕਰਨ ਦੇ ਕਤਲ ਮਾਮਲੇ ਵਿੱਚ ਦੋਸ਼ ਸਿੱਧੇ ਤੌਰ ’ਤੇ ਹਰਿਆਣਾ ਪੁਲੀਸ ’ਤੇ ਲੱਗ ਰਹੇ ਹਨ ਤਾਂ ਫੇਰ ਹਰਿਆਣਾ ਪੁਲੀਸ ਉਕਤ ਮਾਮਲੇ ਦੀ ਜਾਂਚ ਕਿਵੇਂ ਕਰ ਸਕਦੀ ਹੈ। ਸ਼ੁਭਕਰਨ ਦੇ ਕਤਲ ਦੀ ਜਾਂਚ ਹਰਿਆਣਾ ਪੁਲੀਸ ਵੱਲੋਂ ਕੀਤੇ ਜਾਣ ’ਤੇ ਇਨਸਾਫ਼ ਮਿਲਣ ਦੀ ਉਮੀਦ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੀ ਹੈ ਅਤੇ ਸ਼ੁਭਕਰਨ ਸਿੰਘ ਦੇ ਕਤਲ ਦੀ ਸੁਤੰਤਰ ਜਾਂਚ ਦਾ ਵਿਰੋਧ ਕਰ ਚੁੱਕੀ ਹੈ, ਜਿਸ ਨਾਲ ਉਨ੍ਹਾਂ ਦੀ ਨੀਅਤ ਸਪੱਸ਼ਟ ਹੋ ਗਈ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 22 ਜੁਲਾਈ ਨੂੰ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿੱਚ ਸਾਂਝੀ ਕਾਨਫਰੰਸ ਕੀਤੀ ਜਾਵੇਗੀ। ਇਸ ਤੋਂ ਇਲਾਵਾ 15 ਸਤੰਬਰ ਨੂੰ ਹਰਿਆਣਾ ’ਚ ਕੌਮੀ ਪੱਧਰ ਦੀ ਕਿਸਾਨ ਮਹਾਪੰਚਾਇਤ ਕਰਵਾਈ ਜਾਵੇਗੀ, ਜਿਸ ’ਚ ਦੇਸ਼ ਭਰ ਤੋਂ ਲੱਖਾਂ ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨ ਮਹਾਪੰਚਾਇਤ ਬਾਰੇ ਕਿਸਾਨਾਂ ਵੱਲੋਂ ਹਰਿਆਣਾ ਦੇ ਘਰ-ਘਰ ਜਾ ਕੇ ਕਿਸਾਨਾਂ-ਮਜ਼ਦੂਰਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਹਰਿਆਣਾ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 22 ਨੂੰ

ਨਵੀਂ ਦਿੱਲੀ: ਸੁਪਰੀਮ ਕੋਰਟ ਅੰਬਾਲਾ ਨੇੜੇ ਸ਼ੰਭੂ ਬਾਰਡਰ ਤੋਂ ਇਕ ਹਫ਼ਤੇ ਅੰਦਰ ਰੋਕਾਂ ਹਟਾਉਣ ਸਬੰਧੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਹਰਿਆਣਾ ਸਰਕਾਰ ਦੀ ਅਪੀਲ ’ਤੇ 22 ਜੁਲਾਈ ਨੂੰ ਸੁਣਵਾਈ ਕਰੇਗੀ। ਕਿਸਾਨ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਡੇਰੇ ਲਾਈ ਬੈਠੇ ਹਨ। ਹਰਿਆਣਾ ਸਰਕਾਰ ਵੱਲੋਂ ਪੇਸ਼ ਸੀਨੀਅਰ ਵਧੀਕ ਐਡਵੋਕੇਟ ਜਨਰਲ ਲੋਕੇਸ਼ ਸਿੰਹਲ ਨੇ ਪਟੀਸ਼ਨ ’ਤੇ ਫੌਰੀ ਸੁਣਵਾਈ ਦੀ ਮੰਗ ਕੀਤੀ ਤਾਂ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਯਨ ਨੇ ਅਗਲੇ ਸੋਮਵਾਰ ਨੂੰ ਸੁਣਵਾਈ ਲਈ ਸਹਿਮਤੀ ਦੇ ਦਿੱਤੀ। -ਪੀਟੀਆਈ

ਨੌਜਵਾਨ ਕਿਸਾਨ ਨਵਦੀਪ ਜਲਬੇੜਾ ਦੀ ਹਮਾਇਤ ’ਚ ਅੰਬਾਲਾ ’ਚ ਇਕੱਠ ਅੱਜ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 28 ਮਾਰਚ ਤੋਂ ਜੇਲ੍ਹ ਵਿੱਚ ਬੰਦ ਨੌਜਵਾਨ ਕਿਸਾਨ ਆਗੂ ਨਵਦੀਪ ਜਲਬੇੜਾ, ਜਿਸ ਨੂੰ ਜ਼ਮਾਨਤ ਮਿਲਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਗਿਆ, ਦੀ ਹਮਾਇਤ ਵਿੱਚ 17 ਅਤੇ 18 ਜੁਲਾਈ ਨੂੰ ਅੰਬਾਲਾ ਵਿੱਚ ਇਕੱਠ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋੜ੍ਹੀ ਨੇ ਕਿਹਾ ਕਿ 17 ਜੁਲਾਈ ਨੂੰ ਸਵੇਰੇ ਕਿਸਾਨ ਵੱਡੀ ਗਿਣਤੀ ਵਿੱਚ ਅੰਬਾਲਾ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਣਗੇ ਅਤੇ ਫਿਰ ਐੱਸਪੀ ਦਫਤਰ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਨਵਦੀਪ ਦੀ ਜੇਲ੍ਹ ਵਿੱਚੋਂ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ।

Advertisement
×