ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਨਵੰਬਰ
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਤਿੰਨੋਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸਾਨ ਸਾਰੇ ਮੋਰਚਿਆਂ ਤੇ ਡਟੇ ਰਹਿਣਗੇ। ਸਥਾਨਕ ਦਫ਼ਤਰ ਵਿਚ ਕਿਸਾਨਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸਤਨਾਮ ਸਿੰਘ ਅਜਨਾਲਾ ਨੇ ਮੋਦੀ ਸਰਕਾਰ ਵੱਲੋਂ ਤਿੰਨੋਂ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਅਤੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕਰੇ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ 26 ਨਵੰਬਰ ਨੂੰ ਮੋਰਚਿਆਂ ਵਿੱਚ ਪੁੱਜਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਏਕੇ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਅਤੇ ਜਿੱਤ ਦੀਆਂ ਖੁਸ਼ੀਆਂ ਨੂੰ ਘਰ ਘਰ ਲਿਜਾਇਆ ਜਾਵੇਗਾ ਅਤੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਵਿਰੁੱਧ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਧਰਮਿੰਦਰ ਸਿੰਘ ਮੁਕੇਰੀਆਂ, ਜਗੀਰ ਸਿੰਘ ਗੰਡੀਵਿੰਡ, ਕੁਲਵੰਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਖੁਸ਼ਪ੍ਰੀਤ ਸਿੰਘ ਕਲਾਨੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ।