ਹੱਥ ਤੇ ਖੁਦਕੁਸ਼ੀ ਨੋਟ ਲਿਖ ਕੇ ਮਹਿਲਾ ਡਾਕਟਰ ਨੇ ਦਿੱਤੀ ਜਾਨ; ਪੁਲੀਸ ਮੁਲਾਜ਼ਮਾਂ ’ਤੇ ਜਬਰ-ਜਨਾਹ ਦੇ ਇਲਜ਼ਾਮ !
Women Doctor suicide: ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨੇ ਇੱਕ ਹੋਟਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸਦੀ ਹਥੇਲੀ ’ਤੇ ਲਿਖੇ ਇੱਕ ਸੁਸਾਈਡ ਨੋਟ ਵਿੱਚ ਦੋ ਪੁਲੀਸ ਮੁਲਾਜ਼ਮਾਂ 'ਤੇ ਦੋਸ਼ ਲਗਾਇਆ ਗਿਆ ਹੈ।ਪੂਣੇ
ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਦੋ ਪੁਲੀਸ ਮੁਲਾਜ਼ਮਾਂ ’ਤੇ ਬਲਾਤਕਾਰ ਅਤੇ ਮਾਨਸਿਕ ਪਰੇਸ਼ਾਨੀ ਦੇ ਦੋਸ਼ ਲਗਾਉਂਦਿਆਂ ਇੱਕ ਨੋਟ ਛੱਡਿਆ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਵੀਰਵਾਰ ਦੇਰ ਰਾਤ ਫਲਟਨ ਦੇ ਇੱਕ ਹੋਟਲ ਦੇ ਕਮਰੇ ਵਿੱਚ ਲਟਕਦੀ ਮਿਲੀ, ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ।
ਇੱਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਬੀਡ ਜ਼ਿਲ੍ਹੇ ਦੀ ਰਹਿਣ ਵਾਲੀ ਸੀ ਅਤੇ ਫਲਟਨ ਤਹਿਸੀਲ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਕੰਮ ਕਰਦੀ ਸੀ।
ਆਪਣੀ ਹਥੇਲੀ ’ਤੇ ਲਿਖੇ ਖੁਦਕੁਸ਼ੀ ਨੋਟ ਵਿੱਚ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ, ਸਤਾਰਾ ਪੁਲੀਸ ਦੇ ਦੋ ਪੁਲੀਸ ਮੁਲਾਜ਼ਮਾਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਮਾਨਸਿਕ ਤੌਰ ’ਤੇ ਤਸੀਹੇ ਦਿੱਤੇ, ਜਿਸ ਕਾਰਨ ਉਸਨੇ ਖੁਦਕੁਸ਼ੀ ਕਰ ਲਈ।
ਉਸਨੇ ਲਿਖਿਆ ਕਿ ਸਬ-ਇੰਸਪੈਕਟਰ ਗੋਪਾਲ ਬਦਾਨੇ ਨੇ ਉਸ ਨਾਲ ਕਈ ਵਾਰ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਕੀਤਾ ਅਤੇ ਇੱਕ ਹੋਰ ਪੁਲੀਸ ਕਰਮਚਾਰੀ, ਪ੍ਰਸ਼ਾਂਤ ਬਾਂਕਰ, ਨੇ ਵੀ ਉਸਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ।
ਇਸ ਦੌਰਾਨ ਮਹਾਰਾਸ਼ਟਰ ਮਹਿਲਾ ਕਮਿਸ਼ਨ ਦੀ ਮੁਖੀ ਰੂਪਾਲੀ ਚਾਕਾਂਕਰ ਨੇ ਕਿਹਾ, “ਅਸੀਂ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਸਤਾਰਾ ਪੁਲੀਸ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ । ਦੋਸ਼ੀਆਂ ਦੀ ਭਾਲ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।”

