ਮਹਿਲਾ ਡਾਕਟਰ ਖੁਦਕੁਸ਼ੀ: ਮੁੱਖ ਮੰਤਰੀ ਫੜਨਵੀਸ ਵੱਲੋਂ ਐੱਸਆਈਟੀ ਗਠਿਤ ਕਰਨ ਦਾ ਹੁਕਮ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪਿਛਲੇ ਹਫ਼ਤੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਡਾਕਟਰ ਦੀ ਕਥਿਤ ਖ਼ੁਦਕੁਸ਼ੀ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦਾ ਹੁਕਮ ਦਿੱਤਾ ਹੈ।
ਮੱਧ ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਦੀ ਰਹਿਣ ਵਾਲੀ ਇਹ ਡਾਕਟਰ 23 ਅਕਤੂਬਰ ਨੂੰ ਫਲਟਨ ਦੇ ਇੱਕ ਹੋਟਲ ਦੇ ਕਮਰੇ ਵਿੱਚ ਫਾਹੇ ਨਾਲ ਲਟਕੀ ਮਿਲੀ ਸੀ। ਉਸ ਨੇ ਆਪਣੇ ਹੱਥ ’ਤੇ ਲਿਖੇ ਖ਼ੁਦਕੁਸ਼ੀ ਨੋਟ ਵਿੱਚ ਦੋਸ਼ ਲਾਇਆ ਸੀ ਕਿ ਸਬ-ਇੰਸਪੈਕਟਰ ਗੋਪਾਲ ਬਦਾਨੇ ਨੇ ਕਈ ਵਾਰ ਉਸ ਨਾਲ ਜਬਰ ਜਨਾਹ ਕੀਤਾ, ਜਦੋਂ ਕਿ ਪ੍ਰਸ਼ਾਂਤ ਬਾਂਕਰ, ਇੱਕ ਸੌਫਟਵੇਅਰ ਇੰਜੀਨੀਅਰ ਨੇ ਉਸ ਨੂੰ ਮਾਨਸਿਕ ਤੌਰ 'ਤੇ ਤੰਗ ਕੀਤਾ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗ੍ਰਹਿ ਵਿਭਾਗ ਦਾ ਅਹੁਦਾ ਸੰਭਾਲ ਰਹੇ ਫੜਨਵੀਸ ਨੇ ਸੂਬੇ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਨੂੰ ਤੁਰੰਤ ਇੱਕ ਮਹਿਲਾ ਆਈਪੀਐਸ ਅਧਿਕਾਰੀ ਦੀ ਅਗਵਾਈ ਵਿੱਚ ਇੱਕ SIT ਦਾ ਗਠਨ ਕਰਨ ਦਾ ਨਿਰਦੇਸ਼ ਦਿੱਤਾ ਹੈ।
ਇਹ ਕਦਮ ਮ੍ਰਿਤਕ ਦੇ ਵਾਰਸਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਹੇ ਨਾਗਰਿਕਾਂ ਅਤੇ ਸਿਆਸੀ ਪਾਰਟੀਆਂ ਦੇ ਦਬਾਅ ਹੇਠ ਆਇਆ ਹੈ। ਪੀੜਤ ਪਰਿਵਾਰ ਨੇ ਵੀ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ SIT ਜਾਂਚ ਦੀ ਅਪੀਲ ਕੀਤੀ ਸੀ।
ਭਾਜਪਾ ਆਗੂ ਚਿੱਤਰਾ ਵਾਘ ਨੇ SIT ਗਠਿਤ ਕਰਨ ਦੇ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
