ਮੁੰਬਈ, 19 ਦਸੰਬਰ
ਕੋਰੀਓਗ੍ਰਾਫ਼ਰ ਤੇ ਫਿਲਮ ਨਿਰਮਾਤਾ ਰੈਮੋ ਡਿਸੂਜ਼ਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਦਿਲ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਸਬੰਧੀ ਰੈਮੋ ਨੇ ਇੰਸਟਾਗ੍ਰਾਮ ’ਤੇ ਘਰ ਪਹੁੰਚਣ ਮਗਰੋਂ ਇਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲੋਕਾਂ ਵੱਲੋਂ ਦਿੱਤੀਆਂ ਦੁਆਵਾਂ ਅਤੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਰੈਮੋ ਨੇ ਸ਼ੁੱਕਰਵਾਰ ਨੂੰ ਸਾਂਝੀ ਕੀਤੀ ਵੀਡੀਓ ਦੇ ਕੈਪਸ਼ਨ ਵਿੱਚ ਕਿਹਾ ‘‘ਪਿਆਰ, ਦੁਆਵਾਂ ਤੇ ਸ਼ੁਭਇੱਛਾਵਾਂ ਲਈ ਸਾਰਿਆਂ ਦਾ ਧੰਨਵਾਦ, ਮੈਂ ਮੁੜ ਆਇਆ ਹਾਂ। ਮੇਰੀ ਵਾਪਸੀ ’ਤੇ ਸ਼ਾਨਦਾਰ ਢੰਗ ਨਾਲ ਕੀਤੇ ਸਵਾਗਤ ਲਈ ਮੇਰੇ ਦੋਸਤਾਂ ਦਾ ਧੰਨਵਾਦ।’’ ਇਸ ਵੀਡੀਓ ਵਿੱਚ ਉਨ੍ਹਾਂ ਦੇ ਆਲੇ-ਦੁਆਲੇ ਗੁਬਾਰੇ ਦਿਖਾਈ ਦੇ ਰਹੇ ਹਨ ਅਤੇ ਉਹ ਕੈਮਰੇ ਵੱਲ ਜਿੱਤ ਦਾ ਨਿਸ਼ਾਨ ਬਣਾਉਂਦੇ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਰੈਮੋ ਡਿਸੂਜ਼ਾ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ।