ਮਹੂਆ ਮੋਇਤਰਾ ਖ਼ਿਲਾਫ਼ ਐੱਫਆਈਆਰ ਦਰਜ
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਵਾਸੀ ਦੀ ਸ਼ਿਕਾਇਤ ਦੇ ਆਧਾਰ ’ਤੇ ਮੋਇਤਰਾ ਖ਼ਿਲਾਫ਼ ਸ਼ਨਿੱਚਰਵਾਰ ਮਾਨਾ ਪੁਲੀਸ ਥਾਣੇ ਵਿੱਚ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀ ਧਾਰਾ 196 (ਧਰਮ, ਨਸਲ, ਜਨਮ ਸਥਾਨ, ਰਿਹਾਇਸ਼, ਭਾਸ਼ਾ ਆਦਿ ਦੇ ਆਧਾਰ ’ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ) ਅਤੇ 197 (ਅੰਗ ਕੱਟਣ, ਰਾਸ਼ਟਰੀ ਏਕਤਾ ਲਈ ਨੁਕਸਾਨਦੇਹ ਦਾਅਵੇ) ਤਹਿਤ ਕੇਸ ਦਰਜ ਕੀਤਾ ਗਿਆ।
ਮੋਇਤਰਾ ਦੇ ਕਥਿਤ ਤੌਰ ’ਤੇ ਇਹ ਕਹਿਣ ਤੋਂ ਬਾਅਦ ਵਿਵਾਦ ਭਖ਼ ਗਿਆ ਕਿ ਜੇਕਰ ਅਮਿਤ ਸ਼ਾਹ ਬੰਗਲਾਦੇਸ਼ ਤੋਂ ਘੁਸਪੈਠ ਨੂੰ ਰੋਕਣ ਵਿੱਚ ਅਸਫ਼ਲ ਰਹਿੰਦੇ ਹਨ, ਤਾਂ ‘ਸਭ ਤੋਂ ਪਹਿਲਾਂ ਤੁਹਾਨੂੰ ਅਮਿਤ ਸ਼ਾਹ ਦਾ ਸਿਰ ਕੱਟਣਾ ਚਾਹੀਦਾ ਹੈ ਅਤੇ ਇਸ ਨੂੰ ਆਪਣੀ ਮੇਜ਼ ’ਤੇ ਰੱਖਣਾ ਚਾਹੀਦਾ ਹੈ।’
ਉਨ੍ਹਾਂ ਕਥਿਤ ਤੌਰ ’ਤੇ ਇਹ ਬਿਆਨ ਵੀਰਵਾਰ ਨੂੰ ਇੱਕ ਸਮਾਗਮ ਦੌਰਾਨ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤਾ ਸੀ।
TMC ਸੰਸਦ ਮੈਂਬਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸਰਹੱਦੀ ਸੁਰੱਖਿਆ ਸਬੰਧੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੋਪਾਲ ਸਮੰਤੋ ਨੇ ਦੋਸ਼ ਲਗਾਇਆ ਕਿ ਮੋਇਤਰਾ ਦੀਆਂ ਟਿੱਪਣੀਆਂ ਇਤਰਾਜ਼ਯੋਗ ਅਤੇ ਗੈਰ-ਸੰਵਿਧਾਨਕ ਸਨ।
ਸ਼ਿਕਾਇਤਕਰਤਾ ਨੇ ਕਿਹਾ ਕਿ 1971 ਵਿੱਚ ਰਾਏਪੁਰ ਦੇ ਮਾਨਾ ਕੈਂਪ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਬੰਗਲਾਦੇਸ਼ੀ ਸ਼ਰਨਾਰਥੀ ਵਸਾਏ ਗਏ ਸਨ ਅਤੇ ਮੋਇਤਰਾ ਦੇ ਬਿਆਨ ਨੇ ਉਨ੍ਹਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ ਕਿਉਂਕਿ ਅਜਿਹੀਆਂ ਟਿੱਪਣੀਆਂ ਦੂਜੇ ਭਾਈਚਾਰਿਆਂ ਨੂੰ ਉਨ੍ਹਾਂ ਖ਼ਿਲਾਫ਼ ਉਕਸਾਉਂਦੀਆਂ ਹਨ।