ਕੋਲਕਾਤਾ, 6 ਮਈ
ਕੋਲਕਾਤਾ ਹਾਈ ਕੋਰਟ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਅਨੁਸਾਰ ਸਵੇੇਰੇ 10:45 ਵਜੇ ਕੋਰਟ ਰੂਮ 34 ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਅਦਾਲਤ ਦੇ ਇੱਕ ਕਮਰੇ ’ਚੋਂ ਬਿਜਲੀ ਦੀਆਂ ਤਾਰਾਂ ਸੜਨ ਦੀ ਬਦਬੂ ਆ ਰਹੀ ਸੀ। ਇਸ ਬਾਰੇ ਪਤਾ ਲੱਗਣ ’ਤੇ ਮੌਕੇ ’ਤੇ ਮੌਜੂਦ ਪੁਲੀਸ ਮੁਲਾਜ਼ਮਾਂ ਨੇ ਤੁਰੰਤ ਅੱਗ ’ਤੇ ਕਾਬੂ ਪਾਇਆ। ਇਸ ਹਾਦਸੇ ਕਾਰਨ ਜਸਟਿਸ ਤੀਰਥੰਕਰ ਘੋਸ਼ ਦੀ ਅਦਾਲਤ ਵਿੱਚ ਕਰੀਬ ਇੱਕ ਘੰਟੇ ਤੱਕ ਕਾਰਵਾਈ ਰੁਕੀ ਰਹੀ। ਉਨ੍ਹਾਂ ਦੱਸਿਆ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਪਦੀ ਹੈ। ਇਸ ਦੀ ਪੁਸ਼ਟੀ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਹਾਦਸੇ ਮਗਰੋਂ ਹਾਈ ਕੋਰਟ ਵਿੱਚ ਤੁਰੰਤ ਪੁਲੀਸ ਮੁਲਾਜ਼ਮਾਂ ਦੀ ਨਫ਼ਰੀ ਵਧਾ ਦਿੱਤੀ ਗਈ ਹੈ ਅਤੇ ਤਾਰਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ