ਅਹਿਮਦਾਬਾਦ, 6 ਅਗਸਤ
ਅਹਿਮਦਾਬਾਦ ਦੇ ਇੱਕ ਨਿੱਜੀ ਹਸਪਤਾਲ ’ਚ ਅੱਜ ਤੜਕੇ ਅੱਗ ਲੱਗਣ ਕਾਰਨ ਕੋਵਿਡ-19 ਦੇ ਅੱਠ ਮਰੀਜ਼ਾਂ ਦੀ ਮੌਤ ਹੋ ਗਈ।
ਅਧਿਕਾਰੀ ਨੇ ਦੱਸਿਆ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਨਵਰੰਗਪੁਰ ਇਲਾਕੇ ਦੇ ਸ਼੍ਰੇਅ ਹਸਪਤਾਲ ’ਚ ਅੱਜ ਤੜਕੇ ਕਰੀਬ ਸਾਢੇ ਤਿੰਨ ਵਜੇ ਅੱਗ ਲੱਗ ਗਈ। ਹਾਦਸੇ ’ਚ ਆਈਸੀਯੂ ਵਾਰਡ ’ਚ ਦਾਖਲ ਪੰਜ ਪੁਰਸ਼ ਤੇ ਤਿੰਨ ਮਹਿਲਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ’ਚ ਕੋਵਿਡ-19 ਦੇ ਕਰੀਬ 40 ਹੋਰ ਮਰੀਜ਼ਾਂ ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਹੋਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਅਹਿਮਦਾਬਾਦ ਦੇ ਫਾਇਰ ਬ੍ਰਿਗੇਡ ਵਿਭਾਗ ਨੇ ਕਿਹਾ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਇਹ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸੇ ਵਿਚਾਲੇ ਮੁੱਖ ਮੰਤਰੀ ਵਿਜੈ ਰੁਪਾਣੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੰਦਿਆਂ ਤਿੰਨ ਦਿਨਾਂ ਅੰਦਰ ਰਿਪੋਰਟ ਮੰਗੀ ਹੈ।
-ਪੀਟੀਆਈ
ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਇੱਕ ਨਿੱਜੀ ਹਸਪਤਾਲ ’ਚ ਅੱਗ ਲੱਗਣ ਦੀ ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਇਸ ਘਟਨਾ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਤੇ ਕਿਹਾ ਕਿ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਤੇ ਅਹਿਮਦਾਬਾਦ ਦੀ ਮੇਅਰ ਬਿਜਲ ਪਟੇਲ ਨਾਲ ਵੀ ਇਸ ਸਬੰਧੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਐਲਾਨਿਆ ਹੈ।
-ਪੀਟੀਆਈ