ਸਾਬਕਾ ਜਥੇਦਾਰ ਸਣੇ ਪੰਜ ਨੂੰ ਤਨਖਾਹ ਲਾਈ
ਅਕਾਲ ਤਖ਼ਤ ’ਤੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਨੂੰ ਤਨਖਾਹ ਲਾਈ ਗਈ। ਅਕਾਲ ਤਖ਼ਤ ਦੀ ਫਸੀਲ ਤੋਂ ਸੁਣਾਏ ਗਏ ਹੁਕਮ ਮੁਤਾਬਕ ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਗੁਰਦੁਆਰਿਆਂ ਵਿੱਚ ਜੋੜੇ ਝਾੜਨ, ਬਰਤਨ ਸਾਫ ਕਰਨ, ਗੁਰਬਾਣੀ ਦਾ ਪਾਠ ਕਰਨ ਆਦਿ ਦੀ ਤਨਖਾਹ ਲਾਈ ਗਈ ਹੈ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ।
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਵਿਰਸਾ ਸਿੰਘ ਵਲਟੋਹਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਨਿਰਵੈਰ ਖ਼ਾਲਸਾ ਜਥਾ ਯੂਕੇ ਦੇ ਪ੍ਰਚਾਰਕ ਭਾਈ ਹਰਿੰਦਰ ਸਿੰਘ ਅਕਾਲ ਤਖ਼ਤ ਸਨਮੁਖ ਪੇਸ਼ ਹੋਏ ਅਤੇ ਉਨ੍ਹਾਂ ਆਪਣੀਆਂ ਗ਼ਲਤੀਆਂ ਸਵੀਕਾਰ ਕਰਦਿਆਂ ਮੁਆਫ਼ੀ ਮੰਗੀ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਕੀਤੀ ਗਲਤੀ ਲਈ ਤਨਖਾਹ ਲਗਾਈ ਗਈ। ਉਹ ਦੋ ਦਿਨ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਇੱਕ ਘੰਟਾ ਭਾਂਡੇ ਮਾਂਜਣਗੇ ਅਤੇ ਇੱਕ ਘੰਟਾ ਜੋੜੇ ਸਾਫ ਕਰਨਗੇ। ਉਨ੍ਹਾਂ ਨੂੰ ਦੋ ਦਿਨ ਜਪੁਜੀ ਸਾਹਿਬ, ਆਸਾ ਦੀ ਵਾਰ, ਜਾਪੁ ਸਾਹਿਬ ਦੇ ਇੱਕ-ਇੱਕ ਪਾਠ ਕਰਨ ਦੀ ਵੀ ਸੇਵਾ ਲੱਗੀ ਹੈ। ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਉੱਤੇ ਦੱਖਣ ਭਾਰਤ ਵਿਚ ਹੋਏ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੱਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਵਿਰੁੱਧ ਪ੍ਰਗਟਾਵਾ ਕਰਨ ਦਾ ਦੋਸ਼ ਲੱਗਾ ਸੀ। ਅਕਾਲ ਤਖ਼ਤ ਸਾਹਿਬ ਵੱਲੋਂ ਡਾ. ਕਰਮਜੀਤ ਸਿੰਘ ਨੂੰ ਦੋ ਦਿਨ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਇੱਕ-ਇੱਕ ਘੰਟਾ ਭਾਂਡੇ ਅਤੇ ਜੋੜੇ ਸਾਫ ਕਰਨ ਦੀ ਸੇਵਾ ਲਾਈ ਗਈ ਹੈ। ਪੰਜ ਦਿਨ ਨਿਤਨੇਮ ਤੋਂ ਇਲਾਵਾ ਉਹ ਜਪੁਜੀ ਸਾਹਿਬ, ਆਸਾ ਦੀ ਵਾਰ ਦਾ ਪਾਠ ਵੀ ਕਰਨਗੇ। ਉਹ ਭਾਈ ਕਾਨ੍ਹ ਸਿੰਘ ਨਾਭਾ ਦੀ ਲਿਖੀ ਪੁਸਤਕ ‘ਹਮ ਹਿੰਦੂ ਨਹੀਂ’ ਪੜ੍ਹਨਗੇ ਅਤੇ 500 ਕਾਪੀਆਂ ਸੰਗਤ ਵਿੱਚ ਵੰਡਣਗੇ।
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਸ੍ਰੀਨਗਰ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਉਣ ਲਈ ਦੋ ਦਿਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਲੰਗਰ ਹਾਲ ’ਚ ਇੱਕ ਘੰਟਾ ਭਾਂਡੇ ਮਾਂਜਣ ਅਤੇ ਜੋੜੇ ਸਾਫ ਕਰਨ ਦੀ ਤਨਖਾਹ ਲਾਈ ਗਈ ਹੈ। ਉਹ ਚਾਰ ਦਿਨ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਜ਼ਫਰਨਾਮਾ ਦਾ ਇੱਕ-ਇੱਕ ਪਾਠ ਕਰਨਗੇ। ਜਸਵੰਤ ਸਿੰਘ ਨੂੰ ਪ੍ਰਿੰਸੀਪਲ ਸਤਬੀਰ ਸਿੰਘ ਦੀ ਲਿਖੀ ਪੁਸਤਕ ‘ਇਤਿ ਜਿਨਿ ਕਰੀ-ਜੀਵਨ ਸ੍ਰੀ ਗੁਰੂ ਤੇਗ਼ ਬਹਾਦਰ ਜੀ’ ਪੜ੍ਹਨ ਅਤੇ 100 ਕਾਪੀਆਂ ਵੰਡਣ ਦਾ ਵੀ ਹੁਕਮ ਦਿੱਤਾ ਗਿਆ ਹੈ।
ਪ੍ਰਚਾਰਕ ਹਰਿੰਦਰ ਸਿੰਘ ਨੂੰ ਦੋ ਦਿਨ ਹਰਿਮੰਦਰ ਸਾਹਿਬ ’ਚ ਇੱਕ ਘੰਟਾ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਸਾਫ ਕਰਨ ਦੀ ਸੇਵਾ ਲਾਈ ਗਈ ਹੈ। ਉਹ ਜਪੁਜੀ ਸਾਹਿਬ, ਅਨੰਦ ਸਾਹਿਬ ਦੀਆਂ 40 ਪਉੜੀਆਂ ਅਤੇ ਜ਼ਫਰਨਾਮਾ ਦਾ ਪਾਠ ਵੀ ਕਰਨਗੇ।
ਅਕਾਲੀ ਦਲ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਖਿਮਾ ਜਾਚਨਾ ਕਰਨ ’ਤੇ ਪੰਜ ਸਿੰਘ ਸਾਹਿਬਾਨ ਨੇ ਉਸ ਉੱਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਦਸ ਸਾਲ ਸ਼ਾਮਲ ਨਾ ਕੀਤੇ ਜਾਣ ਦੀ ਲਗਾਈ ਗਈ ਰੋਕ ਹਟਾ ਦਿੱਤੀ। ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਸ਼ਖ਼ਸੀਅਤ ਵਿਰੁੱਧ ਬਿਆਨਬਾਜ਼ੀ ਤੋਂ ਵਰਜਿਆ ਗਿਆ ਹੈ। ਉਹ ਤਿੰਨ ਦਿਨ ਹਰਿਮੰਦਰ ਸਾਹਿਬ, ਦੋ ਦਿਨ ਦਰਬਾਰ ਸਾਹਿਬ ਤਰਨ ਤਾਰਨ ਅਤੇ ਇੱਕ-ਇੱਕ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ-ਇੱਕ ਘੰਟਾ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਉਹ ਨਿਤਨੇਮ ਤੋਂ ਇਲਾਵਾ 11 ਦਿਨ ਜਪੁਜੀ ਸਾਹਿਬ, ਕਬਿਯੋਬਾਚ ਬੇਨਤੀ ਚੌਪਈ ਅਤੇ ਰਾਮਕਲੀ ਕੀ ਵਾਰ ਦਾ ਇੱਕ ਪਾਠ ਕਰਨਗੇ। ਇਕੱਤਰਤਾ ਦੌਰਾਨ ਛੋਟੇ ਸਾਹਿਬਾਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਕੋ ਦਿਨ 27 ਦਸੰਬਰ ਨੂੰ ਆਉਣ ’ਤੇ ਵੀ ਵਿਚਾਰ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਪਰ ਸੰਗਤ ਆਪਣੀ ਸਹੂਲਤ ਮੁਤਾਬਕ ਛੁੱਟੀ ਦੇਖ ਕੇ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮ ਕਰਵਾ ਸਕਦੀ ਹੈ।
ਲਾਪਤਾ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਦੀ ਮੀਟਿੰਗ 11 ਨੂੰ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਹੰਗਾਮੀ ਮੀਟਿੰਗ ਬਾਰੇ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਜਾਣਕਾਰੀ ਦੇ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਐਤਵਾਰ ਨੂੰ ਸਿੱਖ ਜਥੇਬੰਦੀ ਸਿੱਖ ਸਦਭਾਵਨਾ ਦਲ ਵੱਲੋਂ ਇੱਥੇ ਕੀਤੀ ਗਈ ਮਹਾਪੰਚਾਇਤ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂ, ਧਾਰਮਿਕ ਆਗੂ ਅਤੇ ਸਰਕਾਰ ਦੇ ਪ੍ਰਤੀਨਿਧ ਵਜੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਆਦਿ ਹਾਜ਼ਰ ਸਨ। ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ਦੇ ਆਧਾਰ ਅਤੇ ਸਰਕਾਰੀ ਪ੍ਰਤੀਨਿਧਾਂ ਦੇ ਆਦੇਸ਼ ’ਤੇ ਲਾਪਤਾ ਪਾਵਨ ਸਰੂਪ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ, ਸਾਬਕਾ ਮੁੱਖ ਸਕੱਤਰ ਅਤੇ ਹੋਰ ਕਰਮਚਾਰੀਆਂ ਸਮੇਤ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਸਰਕਾਰ ਦੀ ਇਸ ਕਾਰਵਾਈ ਨੂੰ ਅਦਾਲਤ ਵਿੱਚ ਚੁਣੌਤੀ ਦੇ ਸਕਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਰਕਾਰ ਦੀ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ 2016 ਵਿੱਚ ਵਾਪਰੀ ਇਸ ਘਟਨਾ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਂਜ ਵੀ ਇਹ ਮਾਮਲਾ ਸ਼੍ਰੋਮਣੀ ਕਮੇਟੀ ਦਾ ਪ੍ਰਬੰਧਕੀ ਮਾਮਲਾ ਹੈ ਜਿਸ ’ਤੇ ਉਹ ਵਿਭਾਗੀ ਕਾਰਵਾਈ ਕਰ ਚੁੱਕੇ ਹਨ।
