ਨਵੀਂ ਦਿੱਲੀ, 9 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ਿਰੋਜ਼ਪੁਰ ਦੌਰੇ ਸਮੇਂ ਕਥਿਤ ਸੁਰੱਖਿਆ ਖਾਮੀਆਂ ਨੂੰ ਲੈ ਕੇ ਦਾਖ਼ਲ ਕੀਤੀ ਗਈ ਅਰਜ਼ੀ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਜਥੇਬੰਦੀ ‘ਲਾਅਰ‘ਜ਼ ਵੁਆਇਸ’ ਵੱਲੋਂ ਦਾਖ਼ਲ ਅਰਜ਼ੀ ’ਤੇ ਚੀਫ਼ ਜਸਟਿਸ ਐੱਨ ਵੀ ਰਾਮੰਨਾ, ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ’ਤੇ ਆਧਾਰਿਤ ਤਿੰਨ ਜੱਜਾਂ ਦੇ ਬੈਂਚ ਵੱਲੋਂ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਸਮੇਂ ਕੀਤੇ ਗਏ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਰਿਕਾਰਡ ਸੁਰੱਖਿਅਤ ਰੱਖੇ। ਸਿਖਰਲੀ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਬਣਾਈਆਂ ਗਈਆਂ ਵੱਖੋ ਵੱਖਰੀਆਂ ਜਾਂਚ ਕਮੇਟੀਆਂ ਨੂੰ ਵੀ 10 ਜਨਵਰੀ ਤੱਕ ਕੋਈ ਜਾਂਚ ਨਾ ਕਰਨ ਲਈ ਕਿਹਾ ਸੀ। ਉਂਜ ਬੈਂਚ ਨੇ ਇਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਸਨ ਪਰ ਵਕੀਲਾਂ ਨੂੰ ਕਿਹਾ ਸੀ ਕਿ ਉਹ ਅਦਾਲਤ ਦੀ ਮਨਸ਼ਾ ਅਧਿਕਾਰੀਆਂ ਤੱਕ ਪਹੁੰਚਾ ਦੇਣ। ਬੈਂਚ ਨੇ ਕਿਹਾ ਸੀ ਕਿ ਸੂਬਾ ਸਰਕਾਰ, ਪੁਲੀਸ ਅਤੇ ਕੇਂਦਰੀ ਏਜੰਸੀਆਂ ਤੋਂ ਰਿਕਾਰਡ ਹਾਸਲ ਕਰਨ ਲਈ ਡੀਜੀਪੀ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਅਤੇ ਕੌਮੀ ਜਾਂਚ ਏਜੰਸੀ ਦੇ ਆਈਜੀ ਰੈਂਕ ਦਾ ਅਧਿਕਾਰੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੀ ਸਹਾਇਤਾ ਕਰਨਗੇ। ਅਰਜ਼ੀ ’ਚ ਮੰਗ ਕੀਤੀ ਗਈ ਹੈ ਕਿ ਪੰਜਾਬ ’ਚ ਪ੍ਰਧਾਨ ਮੰਤਰੀ ਦੇ ਦੌਰੇ ਮੌਕੇ ਉਨ੍ਹਾਂ ਦੀ ਸੁਰੱਖਿਆ ’ਚ ਲੱਗੀ ਕਥਿਤ ਸੰਨ੍ਹ ਦੀ ਮੁਕੰਮਲ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਭਵਿੱਖ ’ਚ ਮੁੜ ਅਜਿਹੀ ਕੋਈ ਘਟਨਾ ਨਾ ਵਾਪਰੇ। ਅਰਜ਼ੀ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਸਬੂਤਾਂ ਨੂੰ ਸੰਭਾਲਣ, ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਾਉਣ ਅਤੇ ਖਾਮੀ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। -ਪੀਟੀਆਈ