ਹੜ੍ਹ: ਉਮਰ ਅਬਦੁੱਲਾ ਵੱਲੋਂ ਹਾਲਾਤ ਦਾ ਜਾਇਜ਼ਾ
ਮੌਸਮ ਵਿਭਾਗ ਦੀ ਅਗਲੇ 24 ਘੰਟਿਆਂ ਤੱਕ ਹੋਰ ਮੀਂਹ ਪੈਣ ਦੀ ਪੇਸ਼ੀਨਗੋਈ ਮਗਰੋਂ ਕਸ਼ਮੀਰ ਘਾਟੀ ਵਿੱਚ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸਵੇਰੇ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਅਬਦੁੱਲਾ ਨੇ ਪ੍ਰਸ਼ਾਸਨ ਨੂੰ ਜ਼ਮੀਨੀ ਪ੍ਰਤੀਕਿਰਿਆ ਨੂੰ ਤੇਜ਼ ਕਰਨ, ਪਾਣੀ ਭਰੇ ਖੇਤਰਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ, ਜ਼ਰੂਰੀ ਸੇਵਾਵਾਂ ਦੀ ਸੁਰੱਖਿਆ ਕਰਨ, ਨਾਜ਼ੁਕ ਖੇਤਰਾਂ ਵਿੱਚ ਸਮੇਂ ਸਿਰ ਨਿਕਾਸੀ ਕਰਨ ਅਤੇ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਦਫ਼ਤਰ ਨੇ ਕਿਹਾ, ‘‘ਮਾਨਯੋਗ ਮੰਤਰੀਆਂ @JavedRanaa ਅਤੇ @satishsharmajnk ਨੇ ਜੰਮੂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ, ਜਦੋਂ ਕਿ ਮਾਨਯੋਗ ਮੰਤਰੀ @sakinaitoo ਅਤੇ ਮੁੱਖ ਮੰਤਰੀ ਦੇ ਸਲਾਹਕਾਰ @nasirsogami ਨੇ ਕਸ਼ਮੀਰ ਦੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ। ਮੁੱਖ ਮੰਤਰੀ ਨੇ ਲੋਕਾਂ ਨੂੰ ਸਲਾਹਾਂ ਦੀ ਪਾਲਣਾ ਕਰਨ, ਸੰਵੇਦਨਸ਼ੀਲ ਥਾਵਾਂ ਤੋਂ ਬਚਣ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ।’’
ਹਾਲਾਂਕਿ ਜੇਹਲਮ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਵਹਿ ਰਹੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਮੰਗਲਵਾਰ ਤੋਂ ਮੀਂਹ ਸ਼ੁਰੂ ਹੋਣ ਤੋਂ ਬਾਅਦ ਸ੍ਰੀਨਗਰ ਸਣੇ ਦੱਖਣੀ ਅਤੇ ਮੱਧ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ।
ਸਿੰਜਾਈ ਅਤੇ ਹੜ੍ਹ ਕੰਟਰੋਲ ਵਿਭਾਗ ਨੇ ਕਿਹਾ ਕਿ ਲਗਾਤਾਰ ਮੀਂਹ ਕਾਰਨ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਵਿਭਾਗ ਨੇ X ’ਤੇ ਇੱਕ ਪੋਸਟ ਵਿੱਚ ਕਿਹਾ, ‘‘ਸਾਰੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਜ਼ਰੂਰੀ ਉਪਾਅ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਆਮ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਜਲ ਸਰੋਤਾਂ ਦੇ ਨੇੜੇ ਨਾ ਜਾਣ ਅਤੇ ਸਾਵਧਾਨੀ ਵਰਤਣ। ਹੜ੍ਹ ਡਿਊਟੀਆਂ ’ਤੇ ਨਿਯੁਕਤ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਪੋਸਟਾਂ ’ਤੇ ਰਿਪੋਰਟ ਕਰਨੀ ਚਾਹੀਦੀ ਹੈ।’’
ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਪੱਥਰ ਡਿੱਗਣ ਅਤੇ ਕਈ ਥਾਵਾਂ ’ਤੇ ਪਾਣੀ ਭਰਨ ਕਾਰਨ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ (NH-44) ਵੀ ਬੰਦ ਹੋ ਗਿਆ।
ਅਧਿਕਾਰੀਆਂ ਨੇ ਕਿਹਾ, ‘‘ਹਾਈਵੇਅ ਨੂੰ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।’’
ਸਾਵਧਾਨੀ ਵਜੋਂ ਕਸ਼ਮੀਰ ਡਿਵੀਜ਼ਨ ਦੇ ਸਾਰੇ ਵਿਦਿਅਕ ਅਦਾਰੇ ਦਿਨ ਭਰ ਲਈ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੱਜ ਹੋਣ ਵਾਲੀਆਂ ਕਸ਼ਮੀਰ ਯੂਨੀਵਰਸਿਟੀ ਅਤੇ ਘਾਟੀ ਦੀਆਂ ਹੋਰ ਯੂਨੀਵਰਸਿਟੀਆਂ ਦੀਆਂ ਵੱਖ-ਵੱਖ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।