ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ: ਆਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਇਜਲਾਸ
ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਜਲਾਸ 24 ਨਵੰਬਰ ਨੂੰ
ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਦਾ ਸ਼ਹੀਦੀ ਦਿਹਾੜਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਰਾਜਧਾਨੀ ਤੋਂ ਬਾਹਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੀਤੇ ਜਾਣ ਦਾ ਪ੍ਰਸਤਾਵ ਹੈ।
ਪੰਜਾਬ ਸਰਕਾਰ ਨੇ ਇੱਕ ਦਿਨਾ ਇਸ ਵਿਸ਼ੇਸ਼ ਇਜਲਾਸ ਦੀ ਤਿਆਰੀ ਆਰੰਭ ਦਿੱਤੀ ਹੈ ਅਤੇ ਇਜਲਾਸ ਦੀ ਸਰਕਾਰੀ ਤਜਵੀਜ਼ ’ਤੇ ਮੰਥਨ ਵਾਸਤੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਬਾਰੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਮੁਤਾਬਕ ਵਿਧਾਨ ਸਭਾ ਦਾ ਇਜਲਾਸ ਕਿਧਰੇ ਵੀ ਹੋ ਸਕਦਾ ਹੈ ਅਤੇ ਰਾਜਪਾਲ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਇਹ ਇਜਲਾਸ ਸੱਦਣ ਦੀ ਤਿਆਰੀ ਵਿੱਚ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਦਾ ਉਦਘਾਟਨ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਸਮਾਗਮਾਂ ਬਾਰੇ ਧਾਰਮਿਕ ਆਗੂਆਂ ਨਾਲ ਇੱਕ ਮੀਟਿੰਗ ਵੀ ਕੀਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਸਬੰਧੀ ਇੱਕ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੱਦੀ ਹੈ, ਜਿਸ ਵਿੱਚ ਇਜਲਾਸ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਨਾਲ ਇਸ ਬਾਰੇ ਪੱਤਰਵਿਹਾਰ ਕੀਤਾ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਇਸ ਵਿਸ਼ੇਸ਼ ਇਜਲਾਸ ਲਈ ਦੂਸਰੇ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਅਹਿਮ ਸ਼ਖ਼ਸੀਅਤਾਂ ਨੂੰ ਵੀ ਸੱਦਾ ਦੇਵੇਗੀ। ਪੰਜਾਬ ਵਿਧਾਨ ਸਭਾ ਦੇ ਇਸ ਇਜਲਾਸ ਲਈ ਪ੍ਰੋਟੋਕਾਲ ਜਾਂ ਹੋਰ ਨੇਮਾਂ ਬਾਰੇ ਵੀ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਲਈ ਇਹ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੋਵੇਗਾ।
ਸੰਧਵਾਂ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਜਲਾਸ ਦੇ ਪ੍ਰਬੰਧ ਕਰਨ ਨੂੰ ਕਿਹਾ
ਪਤਾ ਲੱਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਦਾ ਪੱਕਾ ਉਠਾਣ ਨਹੀਂ ਹੋਇਆ ਹੈ ਅਤੇ ਪੱਕਾ ਉਠਾਣ ਕਰਨ ਮਗਰੋਂ ਰਾਜਪਾਲ ਨਵਾਂ ਸੈਸ਼ਨ ਸੱਦ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦਾ ਇਜਲਾਸ ਕਰਨ ਵਾਸਤੇ ਪੰਜਾਬ ਸਰਕਾਰ ਸਾਰੇ ਇੰਤਜਾਮ ਕਰ ਦੇਵੇ। ਦੱਸਣਯੋਗ ਹੈ ਕਿ ਸ਼ਤਾਬਦੀ ਸਮਾਗਮਾਂ ਮੌਕੇ ਪਹਿਲਾਂ ਵੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਥਾ ਰਹੀ ਹੈ ਪ੍ਰੰਤੂ ‘ਆਪ’ ਸਰਕਾਰ ਇਸ ਪ੍ਰਥਾ ਨੂੰ ਅੱਗੇ ਤੋਰਦਿਆਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਨ ਦੀ ਤਿਆਰੀ ’ਚ ਹੈ।
ਪੰਜ ਨਗਰ ਕੀਰਤਨ ਸਜਾਉਣ ਦਾ ਫੈਸਲਾ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ 18 ਨਵੰਬਰ ਤੋਂ ਵੱਖ-ਵੱਖ ਥਾਵਾਂ ਤੋਂ ਪੰਜ ਨਗਰ ਕੀਰਤਨ ਸਜਾਏ ਜਾਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀਨਗਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਕੀਰਤਨ ਦੀ ਅਗਵਾਈ ਕਰਨਗੇ। ਦੋ ਨਗਰ ਕੀਰਤਨ ਮਾਝਾ, ਦੋਆਬਾ ਅਤੇ ਮਾਲਵਾ ਦੇ ਬਠਿੰਡਾ ਤੇ ਫ਼ਰੀਦਕੋਟ ਤੋਂ ਵੀ ਸ਼ੁਰੂ ਹੋਣਗੇ।