ਨਵੀਂ ਦਿੱਲੀ/ ਮੁੰਬਈ, 7 ਜੂਨ
ਪੈਗ਼ੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਕਾਰਨ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚੋਂ ਮੁਅੱਤਲ ਕੀਤੀ ਨੂਪੁਰ ਸ਼ਰਮਾ ਅਤੇ ਉਸ ਦੇ ਪਰਿਵਾਰ ਨੂੰ ਦਿੱਲੀ ਪੁਲੀਸ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਭਾਜਪਾ ਦੀ ਸਾਬਕਾ ਤਰਜਮਾਨ ਨੂੰ ਪੈਗ਼ੰਬਰ ਮੁਹੰਮਦ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਸੀ।ਸ਼ਰਮਾ ਨੇ ਮਿਲ ਰਹੀਆਂ ਧਮਕੀਆਂ ਦਾ ਹਵਾਲਾ ਦਿੰਦਿਆਂ ਪੁਲੀਸ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਇਸ ਦੌਰਾਨ ਮਹਾਰਾਸ਼ਟਰ ਪੁਲੀਸ ਨੇ ਭਾਜਪਾ ਦੀ ਮੁਅੱਤਲ ਨੇਤਾ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਸਬੰਧ ਵਿੱਚ ਆਪਣਾ ਬਿਆਨ ਦਰਜ ਕਰਨ ਲਈ 22 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਮੁੰਬਰਾ ਪੁਲੀਸ ਨੇ ਉਸ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ। ਇਸ ਅਨੁਸਾਰ ਮੁੰਬਰਾ ਪੁਲੀਸ ਨੇ ਸ਼ਰਮਾ ਨੂੰ 22 ਜੂਨ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਹੈ।