ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ (79) ਦਾ ਅੱਜ ਇੱਥੇ ਰਾਮ ਮਨੋਹਰ ਲੋਹੀਆ (ਆਰਐੱਮਐੱਲ) ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਬਾਅਦ ਦੁਪਹਿਰ 1.12 ਵਜੇ ਆਖਰੀ ਸਾਹ ਲਿਆ। ਭਲਕੇ ਬੁੱਧਵਾਰ ਨੂੰ ਦਿੱਲੀ ਦੇ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿੱਚ ਸ਼ਾਮ ਚਾਰ ਵਜੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਮਲਿਕ ਆਪਣੇ ਲੰਬੇ ਰਾਜਨੀਤਕ ਕਰੀਅਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਰਹਿਣ ਤੋਂ ਇਲਾਵਾ ਜੰਮੂ-ਕਸ਼ਮੀਰ ਗੋਆ, ਬਿਹਾਰ, ਮੇਘਾਲਿਆ ਅਤੇ ਉੜੀਸਾ ਦੇ ਰਾਜਪਾਲ ਵੀ ਰਹੇ।
ਉਨ੍ਹਾਂ ਦੇ ਸਟਾਫ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਸਨ ਅਤੇ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਸਨ। ਆਰਐੱਮਐੱਲ ਅਧਿਕਾਰੀਆਂ ਨੇ ਕਿਹਾ, ‘ਡੂੰਘੇ ਦੁੱਖ ਨਾਲ ਅਸੀਂ ਸੱਤਿਆਪਾਲ ਮਲਿਕ ਦੀ ਮੌਤ ਦੀ ਪੁਸ਼ਟੀ ਕਰਦੇ ਹਾਂ। ਉਨ੍ਹਾਂ ਦਾ ਇਲਾਜ ਸਾਡੇ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਕੀਤਾ ਜਾ ਰਿਹਾ ਸੀ।’ ਉਨ੍ਹਾਂ ਕਿਹਾ ਕਿ ਮਲਿਕ ਲੰਬੇ ਸਮੇਂ ਤੋਂ ਸ਼ੂਗਰ, ਗੁਰਦੇ ਦੀ ਬਿਮਾਰੀ, ਹਾਈ ਬਲੱਡ ਪ੍ਰੈਸ਼ਰ ਅਤੇ ਮੋਟਾਪਾ ਤੇ ਨੀਂਦ ’ਚ ਵਿਘਨ ਵਰਗੀਆਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਹਸਪਤਾਲ ਦੇ ਬਿਆਨ ਅਨੁਸਾਰ ਮਲਿਕ ਨੂੰ 11 ਮਈ ਨੂੰ ਬਾਅਦ ਦੁਪਹਿਰ 12.04 ਵਜੇ ਪਿਸ਼ਾਬ ਨਾਲ ਸਬੰਧਤ ਸਮੱਸਿਆ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ‘ਰਿਫ੍ਰੈਕਟਰੀ ਸੈਪਟਿਕ ਸ਼ੌਕ’ ਲੱਗ ਗਿਆ। ‘ਸੈਪਟਿਕ ਸ਼ੌਕ’ ਇੱਕ ਖ਼ਤਰਨਾਕ ਸਥਿਤੀ ਹੈ ਜਿਸ ਵਿੱਚ ਮਰੀਜ਼ ਦੇ ਕਈ ਅੰਗ ਇੱਕੋ ਸਮੇਂ ਖਰਾਬ ਹੋ ਜਾਂਦੇ ਹਨ।
ਮਲਿਕ ਦੇ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਕਾਰਜਕਾਲ ਦੌਰਾਨ 5 ਅਗਸਤ 2019 ਨੂੰ ਧਾਰਾ 370 ਨੂੰ ਰੱਦ ਕਰਕੇ ਰਾਜ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਿਲਕੁਲ ਛੇ ਸਾਲ ਬਾਅਦ ਉਨ੍ਹਾਂ ਆਖਰੀ ਸਾਹ ਲਿਆ। ਮਲਿਕ ਨੇ ਇਹ ਦੋਸ਼ ਲਾ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿੱਚ ਦੋ ਵੱਡੇ ਪ੍ਰਾਜੈਕਟਾਂ ਦੀ ਫਾਈਲ ਕਲੀਅਰ ਕਰਨ ਲਈ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਅਤੇ ਪੁਲਵਾਮਾ ਅਤਿਵਾਦੀ ਹਮਲੇ ਸਮੇਤ ਵੱਖ-ਵੱਖ ਮੁੱਦਿਆਂ ’ਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਸਵਾਲ ਉਠਾਏ। ਮਲਿਕ ਵੱਲੋਂ ਉਠਾਏ ਗਏ ਦੋ ਮੁੱਦਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਇਸ ਸਾਲ ਮਈ ਵਿੱਚ 2,200 ਕਰੋੜ ਰੁਪਏ ਦੇ ਕੀਰੂ ਪਣ-ਬਿਜਲੀ ਪ੍ਰਾਜੈਕਟ ਨਾਲ ਸਬੰਧਤ ਇੱਕ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ।
ਮੁਰਮੂ, ਮੋਦੀ, ਖੜਗੇ ਤੇ ਹੋਰ ਸਿਆਸੀ ਆਗੂਆਂ ਨੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਸੋਗ ਪ੍ਰਗਟਾਇਆ ਹੈ। ਮੋਦੀ ਨੇ ਐਕਸ ’ਤੇ ਕਿਹਾ, ‘ਮੈਂ ਸੱਤਿਆਪਾਲ ਮਲਿਕ ਦੇ ਦੇਹਾਂਤ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀਆਂ ਸੰਵੇਦਨਾਵਾਂ ਹਨ।’ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮਲਿਕ ਆਖਰੀ ਸਮੇਂ ਤੱਕ ਨਿਡਰਤਾ ਨਾਲ ਸਰਕਾਰ ਨੂੰ ਸੱਚਾਈ ਦਾ ਸ਼ੀਸ਼ਾ ਦਿਖਾਉਂਦੇ ਰਹੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, ‘ਮੈਂ ਉਨ੍ਹਾਂ ਨੂੰ ਹਮੇਸ਼ਾ ਇੱਕ ਅਜਿਹੇ ਵਿਅਕਤੀ ਵਜੋਂ ਯਾਦ ਰੱਖਾਂਗਾ ਜੋ ਆਖਰੀ ਪਲਾਂ ਤੱਕ ਬਿਨਾਂ ਕਿਸੇ ਡਰ ਦੇ ਸੱਚ ਬੋਲਦੇ ਰਹੇ ਅਤੇ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਰਹੇ।’ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮਲਿਕ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਕਿਸਾਨਾਂ ਦੀ ਬੁਲੰਦ ਆਵਾਜ਼ ਕਿਹਾ। ਇਸੇ ਤਰ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਪਾ ਮੁਖੀ ਅਖਿਲੇਸ਼ ਯਾਦਵ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੀਨੀਅਰ ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ ਤੇ ਹੋਰ ਸਿਆਸੀ ਆਗੂਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੱਤਿਆਪਾਲ ਮਲਿਕ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ