ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਜੇਐੱਮਐੱਮ ਸੁਪਰੀਮੋ ਸ਼ਿਬੂ ਸੋਰੇਨ ਦਾ ਦੇਹਾਂਤ
ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਸੁਪਰੀਮੋ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (81) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ ਹੋਰ ਕਈ ਆਗੂਆਂ ਨੇ ਸ਼ਿਬੂ ਸੋਰੇਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਿਬੂ ਸੋਰੇਨ ਪਿਛਲੇ ਕੁਝ ਸਮੇਂ ਤੋਂ ਵੈਂਟੀਲੇਟਰ ’ਤੇ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਸੀ। ਉਨ੍ਹਾਂ ਨੂੰ ਮਹੀਨੇ ਤੋਂ ਵੱਧ ਸਮੇਂ ਲਈ ਦਿੱਲੀ ਦੇ ਸ੍ਰੀ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜੂਨ ਦੇ ਆਖਰੀ ਹਫ਼ਤੇ ਗੁਰਦੇ ਨਾਲ ਸਬੰਧਤ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸ਼ਿਬੂ ਦਾ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਨਿਯਮਤ ਇਲਾਜ ਚੱਲ ਰਿਹਾ ਸੀ। ਸ਼ਿਬੂ ਸੋਰੇਨ ਤਿੰਨ ਵਾਰ ਮੁੱਖ ਮੰਤਰੀ ਤੇ ਸੱਤ ਵਾਰ ਸੰਸਦ ਮੈਂਬਰ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਸਥਿਤ ਸਰ ਗੰਗਾ ਰਾਮ ਹਸਪਤਾਲ ਪਹੁੰਚੇ। ਉਨ੍ਹਾਂ ਸ਼ਿਬੂ ਸੋਰੇਨ ਦੇ ਪੁੱਤਰ ਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਕੇ ਹਮਦਰਦੀ ਵੀ ਜ਼ਾਹਿਰ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਿਬੂ ਸੋਰੇਨ ਨੇ ਖਾਸ ਤੌਰ ’ਤੇ ਕਬਾਇਲੀਆਂ, ਗਰੀਬਾਂ ਤੇ ਦਲਿਤਾਂ ਲਈ ਕੰਮ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ, ਜੈਰਾਮ ਰਮੇਸ਼, ਬਸਪਾ ਮੁਖੀ ਮਾਇਆਵਤੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਦੇਸ਼ ਭਰ ਦੇ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਅੱਜ ਸ਼ਾਮ ਨੂੰ ਸੂਬੇ ਦੀ ਰਾਜਧਾਨੀ ਰਾਂਚੀ ਲਿਆਂਦੀ ਗਈ। ਇਸ ਮੌਕੇ ਹਜ਼ਾਰਾਂ ਲੋਕ ਆਪਣੇ ਮਹਿਬੂਬ ਆਗੂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਹਵਾਈ ਅੱਡੇ ਦੇ ਬਾਹਰ ਤੇ ਸੜਕਾਂ ਕਿਨਾਰੇ ਖੜ੍ਹੇ ਸਨ।
ਸੂਬੇ ’ਚ ਤਿੰਨ ਦਿਨਾ ਸਰਕਾਰੀ ਸੋਗ ਦਾ ਐਲਾਨ
ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਸਮੇਂ ਦੌਰਾਨ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ। ਇਕ ਬਿਆਨ ਮੁਤਾਬਕ ਰਾਜ ਵਿਚਲੇ ਸਾਰੇ ਸਰਕਾਰੀ ਦਫ਼ਤਰ 4 ਅਤੇ 5 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਝਾਰਖੰਡ ਦੀਆਂ ਸਾਰੀਆਂ ਇਮਾਰਤਾਂ ’ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।