ਮੰਬਈ, 6 ਅਪਰੈਲ
ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਉਨ੍ਹਾਂ ਦੇ ਅਤੇ ਹੋਰਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 11 ਅਪਰੈਲ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਆਰਸੀਪੀ) ਆਗੂ ਦੇ ਦੋ ਸਾਬਕਾ ਸਹਿਯੋਗੀਆਂ ਸੰਜੀਵ ਪਲਾਂਡੇ ਅਤੇ ਕੁੰਦਨ ਸ਼ਿੰਦੇ ਤੇ ਬਰਖਾਸਤ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੇਸ਼ਮੁਖ (71) ਦਾ ਸਰਕਾਰੀ ਜੇ ਜੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਇਸ ਲਈ ਜਾਂਚ ਏਜੰਸੀ ਹੋਰ ਮੁਲਜ਼ਮਾਂ ਨਾਲ ਉਨ੍ਹਾਂ ਨੂੰ ਹਿਰਾਸਤ ਵਿੱਚ ਨਹੀਂ ਲੈ ਸਕੀ। ਦੇਸ਼ਮੁਖ ਨੂੰ ਮੰਗਲਵਾਰ ਸ਼ਾਮ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਅਤੇ ਅੱਜ ਸਵੇਰੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਨਿਲ ਦੇਸ਼ਮੁਖ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।