ਲਖਨਊ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ ਦਾ ਅੱਜ 89 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਇੱਥੋਂ ਦੇ ਪੀਜੀਆਈ ’ਚ ਇਲਾਜ ਚੱਲ ਰਿਹਾ ਸੀ। ਉਹ ਹਿਮਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਵੀ ਸਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੀ ਹਾਲਤ ਵਿਗੜ ਗਈ ਤੇ ਉਨ੍ਹਾਂ ਦਾ ਡਾਇਲੇਸਿਸ ਕੀਤਾ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਦੀ ਖ਼ਬਰ ਮਿਲਣ ਮਗਰੋਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਪਣਾ ਗੋਰਖਪੁਰ ਦਾ ਦੌਰਾ ਰੱਦ ਕਰਕੇ ਪੀਜੀਆਈ ਪਹੁੰਚ ਗਏ। ਉਨ੍ਹਾਂ ਸੂਬੇ ਵਿੱਚ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ। ਕਲਿਆਣ ਸਿੰਘ ਦੀ ਕਿਡਨੀ ’ਚ ਮੁੜ ਤੋਂ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਭਾਰਤ ਦੇ ਸੱਭਿਆਚਾਰ ਦੀ ਤਰੱਕੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਧੰਨਵਾਦੀ ਰਹਿਣਗੀਆਂ। ਉਨ੍ਹਾਂ ਹਮੇਸ਼ਾ ਪੱਛੜੇ ਵਰਗ ਦੇ ਕਰੋੜਾਂ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਤੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਲਿਆਣ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਉਹ ਸੱਚੇ ਰਾਸ਼ਟਰ ਭਗਤ ਤੇ ਇਮਾਨਦਾਰ ਨੇਤਾ ਸਨ। -ਪੀਟੀਆਈ