DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shukrana Yatra ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਸਮਾਪਤ

ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਵਿੱਚ ਵੱਡੀ ਗਿਣਤੀ ਲੋਕਾਂ ਨੇ ਕੀਤੀ ਸ਼ਿਰਕਤ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ‘ਸ਼ੁਕਰਾਨਾ ਯਾਤਰਾ’ ਦੇ ਆਖਰੀ ਦਿਨ ਪਟਿਆਲਾ ਦੇ ਪਿੰਡ ਮਹਿਮਦਪੁਰ ਨੇੜੇ ਲੋਕਾਂ ਦਾ ਪਿਆਰ ਕਬੂਲਦੇ ਹੋਏ। -ਫੋਟੋ: ਰਾਜੇਸ਼ ਸੱਚਰ
Advertisement

Bhagwant Mann Shukrana Yatra 2026: ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਅੱਜ ਸ਼ਹੀਦਾਂ ਦੀ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋ ਗਈ। ਯਾਤਰਾ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਸੀ। ਅਤਿ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਲੋਕਾਂ ਨੇ ਯਾਤਰਾ ਵਿੱਚ ਸ਼ਿਰਕਤ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਤੇ ਸਨਮਾਨ ਕੀਤਾ।

ਮੁੱਖ ਮੰਤਰੀ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਕਿਹਾ ਕਿ ਲੋਕਾਂ ਵੱਲੋਂ ਦਿਖਾਏ ਪਿਆਰ ਨੇ ਸਰਕਾਰ ਨੂੰ ਹੋਰ ਵੀ ਜ਼ਿਆਦਾ ਹਲੀਮੀ, ਲੋਕਾਂ ਦੀਆਂ ਇੱਛਾਵਾਂ ਪ੍ਰਤੀ ਜ਼ਿੰਮੇਵਾਰੀ ਅਤੇ ਕੰਮਾਂ ਪ੍ਰਤੀ ਜਵਾਬਦੇਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਕੋਈ ਇਰਾਦਾ ਤੇ ਨਾ ਹੀ ਇੱਛਾ ਸ਼ਕਤੀ ਸੀ, ਜਿਸ ਕਾਰਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਰ-ਵਾਰ ਹੁੰਦੀ ਰਹੀ। ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਇਤਿਹਾਸਕ ਐਕਟ ਇਸ ਨਾ-ਮੁਆਫ਼ੀਯੋਗ ਅਪਰਾਧ ਨੂੰ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਦੁਬਾਰਾ ਅਜਿਹੀਆਂ ਕਾਰਵਾਈਆਂ ਕਰਨ ਦੀ ਹਿੰਮਤ ਨਹੀਂ ਕਰੇਗਾ। ਕੁਝ ਲੋਕ ਹੁਣ ਵੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਅਕਾਲੀ ਦਲ ਤੇ ਕਾਂਗਰਸ ਨੇ ਕਾਨੂੰਨ ਨੂੰ ਰੱਦ ਕਰਨ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਹਾਈ ਕੋਰਟ ਨੇ ਨਾ ਸਿਰਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਸਗੋਂ ਉਨ੍ਹਾਂ ’ਤੇ 10,000 ਰੁਪਏ ਦਾ ਜੁਰਮਾਨਾ ਵੀ ਲਾਇਆ। ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਡਰ ਸੀ ਕਿ ਇਸ ਨਾਲ ਬੇਅਦਬੀ ਦੀਆਂ ਘਟਨਾਵਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬੇਨਕਾਬ ਹੋ ਸਕਦੀ ਹੈ।

Advertisement

ਪੰਜਾਬ ਸਰਕਾਰ ਵੱਲੋਂ ਕੀਤੀ ਚਾਰ ਦਿਨਾ ‘ਸ਼ੁਕਰਾਨਾ ਯਾਤਰਾ’ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਪਹਿਲੇ ਦਿਨ ਭਰਤਗੜ੍ਹ, ਰੋਪੜ, ਬਲਾਚੌਰ, ਬੰਗਾ ਅਤੇ ਫਗਵਾੜਾ ਵਿੱਚੋਂ ਲੰਘੀ। ਦੂਜੇ ਦਿਨ ਯਾਤਰਾ ਜਲੰਧਰ ਤੋਂ ਆਦਮਪੁਰ, ਕਰਤਾਰਪੁਰ, ਬਾਬਾ ਬਕਾਲਾ, ਰਈਆ, ਜੰਡਿਆਲਾ, ਅੰਮ੍ਰਿਤਸਰ ਦੱਖਣੀ, ਪੂਰਬੀ ਅਤੇ ਕੇਂਦਰੀ, ਪੱਟੀ, ਜ਼ੀਰਾ, ਫਿਰੋਜ਼ਪੁਰ ਦਿਹਾਤੀ, ਫਰੀਦਕੋਟ ਅਤੇ ਕੋਟਕਪੂਰਾ ਤੋਂ ਹੁੰਦੀ ਹੋਈ ਭੁੱਚੋ ਮੰਡੀ ਤੋਂ ਬਠਿੰਡਾ ਪਹੁੰਚੀ। ਤੀਜੇ ਦਿਨ ਇਹ ਯਾਤਰਾ ਬਠਿੰਡਾ, ਕੋਟਸ਼ਮੀਰ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ ਅਤੇ ਬਰਨਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਪਹੁੰਚੀ। ਅੱਜ ਚੌਥੇ ਦਿਨ ਇਹ ਯਾਤਰਾ ਸੰਗਰੂਰ ਤੋਂ ਸਮਾਣਾ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਤੋਂ ਹੁੰਦੀ ਹੋਈ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਈ।

Advertisement

ਬੇਅਦਬੀ ਕਾਨੂੰਨ ਵਿੱਚ ਸ਼ਾਮਿਲ ਕੁਝ ਧਾਰਾਵਾਂ ਪ੍ਰਵਾਨ ਨਹੀਂ: ਧਾਮੀ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ੍ਰੀ ਅਕਾਲ ਤਖਤ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਿਤ ਕੀਤੇ ਜਾਂਦੇ ਸਰੂਪਾਂ ’ਤੇ ਸਰਕਾਰ ਵੱਲੋਂ ਬਣਾਏ ਗਏ ਨਵੇਂ ਕਾਨੂੰਨ ਮੁਤਾਬਕ ਯੂਨੀਕ ਨੰਬਰ ਨਹੀਂ ਲਾਏ ਜਾਣਗੇ ਅਤੇ ਨਾ ਹੀ ਵੇਰਵੇ ਜਨਤਕ ਕੀਤੇ ਜਾਣਗੇ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਅੱਜ ਭਗਤ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਦਿਹਾੜੇ ਦੇ ਸਬੰਧ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਸਬਕਮੇਟੀ ਦੀ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਕਿ ਬੇਅਦਬੀਆਂ ਰੋਕਣ ਸਬੰਧੀ ਬਣਾਏ ਗਏ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਵੇਗਾ ਜਾਂ ਇਸ ਨੂੰ ਰੱਦ ਨਹੀਂ ਕੀਤਾ ਜਾਵੇਗਾ, ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਸ੍ਰੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਹੈ ਅਤੇ ਜਥੇਦਾਰ ਵੱਲੋਂ ਹੀ ਇਸ ਸਬੰਧ ਵਿੱਚ ਫ਼ੈਸਲਾ ਕੀਤਾ ਜਾਵੇਗਾ। ਉਹ ਜੋ ਵੀ ਫੈਸਲਾ ਕਰਨਗੇ ਉਹ ਸਮੁੱਚੇ ਪੰਥ ਨੂੰ ਪ੍ਰਵਾਨ ਹੋਵੇਗਾ।

ਜਥੇਦਾਰ ਵੱਲੋਂ ਪ੍ਰਕਾਸ਼ਿਤ ਸਰੂਪਾਂ ਬਾਰੇ ਜਾਣਕਾਰੀ ਜਨਤਕ ਨਾ ਕੀਤੇ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਕੀਤੇ ਗਏ ਆਦੇਸ਼ ਬਾਰੇ ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ’ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਸਬੰਧੀ ਦੌਰਾ ਕਰਵਾ ਕੇ ਸਾਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 2020 ਤੋਂ ਹਰ ਪ੍ਰਕਾਸ਼ਿਤ ਸਰੂਪ ਸਬੰਧੀ ਸਮੁੱਚੇ ਵੇਰਵੇ ਸੁਰੱਖਿਅਤ ਰੱਖੇ ਜਾ ਰਹੇ ਹਨ।

ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਹਮੇਸ਼ਾ ਹੱਕ ਵਿਚ ਰਹੀ ਹੈ, ਪਰ ਪਾਸ ਕੀਤੇ ਗਏ ਕਾਨੂੰਨ ਵਿਚ ਜੋੜੀਆਂ ਗਈਆਂ ਕੁਝ ਮੱਦਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ।

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰੇ ਜਾਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਅਜਿਹੀਆਂ ਘਟਨਾਵਾਂ ਲਈ ਮੁਆਫ਼ੀ ਮੰਗਦਿਆਂ ਭਵਿੱਖ ਵਿਚ ਅਜਿਹਾ ਨਾ ਹੋਣ ਸਬੰਧੀ ਪੱਤਰ ਭੇਜਿਆ ਗਿਆ ਹੈ।

ਕੈਪਸ਼ਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ।

Advertisement
×