ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 18 ਅਕਤੂਬਰ
ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਅਧੀਨ ਪੈਂਦੇ ਤਿਕੋਨੀਆ ਇਲਾਕੇ ਵਿੱਚ ਲੰਘੀ 3 ਅਕਤੂਬਰ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਸੋਮਵਾਰ ਨੂੰ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਪੁਲੀਸ ਸੂਤਰਾਂ ਨੇ ਇੱਥੇ ਦੱਸਿਆ ਕਿ ਪੁਲੀਸ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸੁਮਿਤ ਜੈਸਵਾਲ, ਸ਼ਿਸ਼ੂਪਾਲ, ਸੱਤਿਆ ਪ੍ਰਕਾਸ਼ ਤ੍ਰਿਪਾਠੀ ਅਤੇ ਨੰਦਨ ਸਿੰਘ ਬਿਸ਼ਟ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੱਤਿਆ ਪ੍ਰਕਾਸ਼ ਕੋਲੋਂ ਇੱਕ ਲਾਇਸੈਂਸੀ ਰਿਵਾਲਵਰ ਅਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ। ਉਕਤ ਮੁਲਜ਼ਮਾਂ ਨੂੰ ਲਖੀਮਪੁਰ ਖੀਰੀ ਪੁਲੀਸ ਦੀ ਅਪਰਾਧ ਸ਼ਾਖਾ ਵੱਲੋਂ ਸਵਾਤ ਟੀਮ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਹੁਣ ਤੱਕ ਮੁੱਖ ਮੁਲਜ਼ਮ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਣੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿੱਚ ਅਸ਼ੀਸ਼ ਅਤੇ 15-20 ਹੋਰ ਲੋਕਾਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ