ਨਵੀਂ ਦਿੱਲੀ, 21 ਅਕਤੂਬਰ
ਦਿੱਲੀ ਪੁਲੀਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੂੰ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਖ਼ਿਲਾਫ਼ ਧੋਖਾਧੜੀ ਕੇਸ ਦੀ ਜਾਂਚ ਮੁਕੰਮਲ ਕਰਨ ਲਈ ਚਾਰ ਹੋਰ ਮਹੀਨਿਆਂ ਦੀ ਲੋੜ ਹੈ। ਦਿੱਲੀ ਪੁਲੀਸ ਦੇ ਆਰਥਿਕ ਅਪਰਾਧਾਂ ਬਾਰੇ ਵਿੰਗ ਨੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਦੀ ਅਗਵਾਈ ਹੇਠਲੇ ਬੈਂਚ ਨੂੰ ਇਹ ਜਾਣਕਾਰੀ ਦਿੱਤੀ ਜਿਨ੍ਹਾਂ ਹੁਣ ਸ਼ਿਵਇੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਨੂੰ ਸੋਮਵਾਰ ਲਈ ਸੂਚੀਬੱਧ ਕਰ ਦਿੱਤਾ ਹੈ। ਸ਼ਿਵਇੰਦਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ ਐੱਮ ਸਿੰਘਵੀ ਨੇ ਕਿਹਾ ਕਿ ਮੁਲਜ਼ਮ ਪਿਛਲੇ ਦੋ ਸਾਲਾਂ ਤੋਂ ਜੇਲ੍ਹ ’ਚ ਹੈ ਅਤੇ ਹੁਣ ਉਸ ਨੂੰ ਹਿਰਾਸਤ ’ਚ ਰੱਖਣ ਦੀ ਲੋੜ ਨਹੀਂ ਹੈ ਕਿਉਂਕਿ ਉਸ ਖ਼ਿਲਾਫ਼ ਪਹਿਲਾਂ ਹੀ ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ। ਮਈ ’ਚ ਦਿੱਲੀ ਹਾਈ ਕੋਰਟ ਨੇ ਸ਼ਿਵਇੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਇਹ ਆਖਦਿਆਂ ਖਾਰਜ ਕਰ ਦਿੱਤੀ ਸੀ ਕਿ ਉਸ ਵੱਲੋਂ ਘੜੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਉਸ ਦੀ ਹਿਰਾਸਤ ਲੋੜੀਂਦੀ ਹੈ। ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਨਾ ਦਿੱਤੇ ਜਾਣ ਮਗਰੋਂ ਸ਼ਿਵਇੰਦਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। -ਪੀਟੀਆਈ