ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਦੀ ਸਿੰਘੂ ਹੱਦ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸਹੂਲਤ ਲਈ ‘ਵਾਈਫਾਈ ਹੌਟਸਪੌਟ’ ਲਗਾਏ ਜਾਣਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ‘ਆਪ’ ਆਗੂ ਸਿੰਘੂ ਬਾਰਡਰ ਦਾ ਕਈ ਵਾਰ ਦੌਰਾ ਕਰ ਚੁੱਕੇ ਹਨ। ਕਈ ਕਿਸਾਨਾਂ ਨੇ ਉਨ੍ਹਾਂ ਨੂੰ ਸਿੰਘੂ ਸਰਹੱਦ ’ਤੇ ਕਮਜ਼ੋਰ ਇੰਟਰਨੈੱਟ ਨੈੱਟਵਰਕ ਬਾਰੇ ਸ਼ਿਕਾਇਤ ਕੀਤੀ ਸੀ। ਰਾਘਵ ਚੱਢਾ ਨੇ ਕਿਹਾ ਕਿ ਨੈੱਟਵਰਕ ਕਮਜ਼ੋਰ ਹੋਣ ਕਾਰਨ ਕਿਸਾਨ ਭਾਈਚਾਰਾ ਪਰਿਵਾਰਾਂ ਨਾਲ ਗੱਲਬਾਤ ਕਰਨ ਵਿਚ ਔਖ ਮਹਿਸੂਸ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਕੌਮੀ ਰਾਜਧਾਨੀ ਦੀਆਂ ਹੱਦਾਂ ਉਤੇ ਬੈਠੇ ਕਿਸਾਨਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖ ਕੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਕੇਜਰੀਵਾਲ ਨੇ ਮੁਫ਼ਤ ਵਾਈਫਾਈ ਸਹੂਲਤ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।