ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦਾ ਫੰਡਾ

‘ਆਫ਼ਤ ਵਿੱਚੋਂ ਮੌਕੇ’ ਭਾਲ ਰਹੀ ਹੈ ‘ਆਪ’: ਜਾਖਡ਼
Advertisement

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੇਂਦਰੀ ਮਦਦ ਲੈਣ ਲਈ ਤਰਕਹੀਣ ਅੰਕੜੇ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਫੌਰੀ ਰਾਹਤ ਦਿੰਦਿਆਂ 1,600 ਕਰੋੜ ਰੁਪਏ ਜਾਰੀ ਕੀਤੇ ਹਨ ਜਦੋਂ ਕਿ ਨੁਕਸਾਨ ਸਬੰਧੀ ਰਿਪੋਰਟਾਂ ਮਿਲਣ ਮਗਰੋਂ ਹੋਰ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਆਫ਼ਤ ਵਿੱਚੋਂ ਮੌਕੇ ਦੀ ਭਾਲ’ ’ਚ ਹੈ ਕਿਉਂਕਿ ਐੱਸਡੀਆਰਐੱਫ ਵਿੱਚ 12 ਹਜ਼ਾਰ ਕਰੋੜ ਰੁਪਏ ਪਏ ਸਨ ਪਰ ‘ਆਪ’ ਸਰਕਾਰ ਉਸ ਪੈਸੇ ਨੂੰ ਕਿਸੇ ਹੋਰ ਕੰਮਾਂ ’ਤੇ ਖਰਚ ਕਰਕੇ ਖੁਰਦ-ਬੁਰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ

 

Advertisement

ਨੇ ਪ੍ਰਧਾਨ ਮੰਤਰੀ ਸਾਹਮਣੇ 13,289 ਕਰੋੜ ਰੁਪਏ ਦਾ ਨੁਕਸਾਨ ਹੋਣ ਦੇ ਅੰਕੜੇ ਪੇਸ਼ ਕੀਤੇ ਸਨ, ਜਦੋਂ ਕਿ ਮੰਤਰੀਆਂ ਵੱਲੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਸੂਬਾ ਸਰਕਾਰ ਵੱਲੋਂ 7 ਹਜ਼ਾਰ ਕਰੋੜ ਰੁਪਏ ਵਾਧੂ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਨਸੂਨ ਦੀ ਆਮਦ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਸਬੰਧੀ ਕੋਈ ਪ੍ਰਬੰਧ ਨਹੀਂ ਕੀਤੇ ਗਏ ਸਨ। ਇਸ ਤੋਂ ਇਲਾਵਾ ਸਤਲੁਜ ਵਿੱਚ ਮਾਈਨਿੰਗ ਵੱਡੇ ਪੱਧਰ ’ਤੇ ਹੋਈ ਹੈ, ਜਿਸ ਕਰਕੇ ਸੂਬੇ ਨੂੰ ਅੱਜ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸੂਬੇ ਦੇ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦੋਂ ਕਿ ਇਸ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਨਹੀਂ ਕੀਤੀ ਗਈ ਹੈ ਅਤੇ ਜੇ ਇਹ ਲਾਗੂ ਕੀਤੀ ਗਈ ਹੁੰਦੀ ਤਾਂ ਅੱਜ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 42 ਹਜ਼ਾਰ ਰੁਪਏ ਦਾ ਬੀਮਾ ਕਵਰ ਮਿਲ ਜਾਂਦਾ।

ਨਿਯਮਾਂ ’ਚ ਫਸੇ 12 ਹਜ਼ਾਰ ਕਰੋੜ: ਅਮਨ ਅਰੋੜਾ

ਚੰਡੀਗੜ੍ਹ (ਟਨਸ): ਹੁਕਮਰਾਨ ਧਿਰ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਮਾਰੇ ਪੰਜਾਬ ਲਈ ਐਲਾਨੀ 1600 ਕਰੋੜ ਰੁਪਏ ਦੀ ਰਾਸ਼ੀ ਨੂੰ ਨਿਗੂਣਾ ਕਰਾਰ ਦਿੰਦਿਆਂ ਐੱਸ ਡੀ ਆਰ ਐੱਫ (ਸਟੇਟ ਡਿਜ਼ਾਸਟਰ ਰਿਸਪਾਂਸ ਫੰਡ) ਤਹਿਤ ਪਏ 12 ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਕੇਂਦਰੀ ਨਿਯਮਾਂ ਵਿੱਚ ਜਕੜੇ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੜ੍ਹਾਂ ਕਾਰਨ 4.80 ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਗਈ, ਲੱਖਾਂ ਲੋਕਾਂ ਦੇ ਘਰ ਤਬਾਹ ਹੋ ਗਏ, 52 ਵਿਅਕਤੀ ਮਾਰੇ ਗਏ ਅਤੇ ਵੱਡੀ ਗਿਣਤੀ ਵਿੱਚ ਪਸ਼ੂਧਨ ਦੀ ਮੌਤ ਹੋ ਗਈ ਹੈ ਤਾਂ ਪ੍ਰਧਾਨ ਮੰਤਰੀ ਨੇ ਸਿਰਫ਼ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨ ਕੇ ਸੂਬੇ ਦੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਐੱਸ ਡੀ ਆਰ ਐੱਫ ਵਿੱਚ 12,000 ਕਰੋੜ ਰੁਪਏ ਪਏ ਹੋਣ ਦੀ ਗੱਲ ਆਖੀ ਹੈ ਪਰ ਉਸ ਦੇ ਨਿਯਮਾਂ ’ਚ ਸੋਧ ਕਰਨ ਦੀ ਲੋੜ ਹੈ ਕਿਉਂਕਿ ਪੀੜਤਾਂ ਨੂੰ ਬਹੁਤ ਹੀ ਘੱਟ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਖੁਦ ਪੰਜਾਬ ਸਰਕਾਰ ਤੋਂ ਫ਼ਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ ਅਤੇ ਅਜਿਹੇ ’ਚ ਤਾਂ ਪ੍ਰਧਾਨ ਮੰਤਰੀ ਵੱਲੋਂ ਐਲਾਨੀ ਰਕਮ ਨਾਲ ਇਸ ਦਾ ਭੁਗਤਾਨ ਨਹੀਂ ਹੋ ਸਕੇਗਾ। '

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਪੈਰਾ ਸਿਰ ਖੜ੍ਹਾ ਕਰਨ ਲਈ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਅਤੇ 60 ਹਜ਼ਾਰ ਕਰੋੜ ਰੁਪਏ ਦੇ ਬਕਾਏ ਦੀ ਰਕਮ ਤੁਰੰਤ ਜਾਰੀ ਕਰੇ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਤੋਂ ਕਿਸਾਨ ਅੰਦੋਲਨ ਦਾ ਬਦਲਾ ਲਿਆ ਜਾ ਰਿਹਾ ਹੈ ਅਤੇ ਇਸੇ ਕਾਰਨ ਪ੍ਰਧਾਨ ਮੰਤਰੀ ਨੇ ਸੂਬੇ ਨੂੰ ਵੱਡਾ ਪੈਕੇਜ ਦੇਣ ਦੀ ਥਾਂ ’ਤੇ ਸਿਰਫ਼ 1600 ਕਰੋੜ ਰੁਪਏ ਦੀ ਨਿਗੂਣੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਕੋਈ ਫੰਡ ਨਹੀਂ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਦਿਲ ਵਿੱਚ ਪੰਜਾਬ ਪ੍ਰਤੀ ਨਫ਼ਰਤ ਭਰੀ ਪਈ ਹੈ ਅਤੇ ਉਨ੍ਹਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਵੀ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ‘ਨਫ਼ਰਤ’ ਵਾਲਾ ਰਵੱਈਆ ਦੂਰ ਕਰਨ ਲਈ ‘ਚਿੰਤਨ ਸ਼ਿਵਿਰ’ ਵਿੱਚ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿਰਫ਼ ਭਾਜਪਾ ਆਗੂਆਂ ਨਾਲ ਹੀ ਮੁਲਾਕਾਤ ਕੀਤੀ ਅਤੇ ਜੇ ਉਹ ਇਹ ਨਾਟਕ ਕਰਨਾ ਹੀ ਚਾਹੁੰਦੇ ਸਨ ਤਾਂ ਆਪਣੀ ਪਾਰਟੀ ਦੇ ਆਗੂਆਂ ਨੂੰ ਉਹ ਚਾਹ ਪਾਰਟੀ ਲਈ ਦਿੱਲੀ ਬੁਲਾ ਸਕਦੇ ਸਨ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ ਹੈ।

ਕੇਂਦਰ ਤੇ ਰਾਜ ਵਿਚਾਲੇ ਟਕਰਾਅ: ਅਕਾਲੀ ਦਲ

ਚੰਡੀਗੜ੍ਹ (ਆਤਿਸ਼ ਗੁਪਤਾ): ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਐੱਸਡੀਆਰਐੱਫ ਦੇ 12,000 ਕਰੋੜ ਰੁਪਏ ਦੀ ਦੁਰਵਰਤੋਂ ਦੀ ਕੇਂਦਰ ਸਰਕਾਰ ਜਾਂਚ ਕਰੇ ਕਿਉਂਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਕੋਲ ਅਜਿਹਾ ਕੋਈ ਪੈਸਾ ਹੀ ਨਹੀਂ ਪਿਆ ਹੈ। ਪਾਰਟੀ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਦੇਸ਼ ਆਫ਼ਤ ਪ੍ਰਬੰਧਨ ਫੰਡ ਦੇ ਮਾਮਲੇ ’ਤੇ ਕੇਂਦਰ ਅਤੇ ਰਾਜ ਸਰਕਾਰ ਵਿਚਕਾਰ ਟਕਰਾਅ ਪੈਦਾ ਹੋ ਗਿਆ ਹੈ, ਜਦੋਂ ਕਿ ਇਸ ਦਾ ਖਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪੈ ਸਕਦਾ ਹੈ।

ਦੋਵੇਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ ਅਤੇ ਮੁਆਵਜ਼ੇ ਵਿਚ ਦੇਰੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਨੇ ਭਾਰੀ ਮੀਂਹ ਦੀ ਚਿਤਾਵਨੀ ਨੂੰ ਧਿਆਨ ਵਿੱਚ ਰਖਦਿਆਂ ਡੈਮਾਂ ਵਿੱਚੋਂ ਸਮੇਂ ਸਿਰ ਪਾਣੀ ਛੱਡਿਆਂ ਹੁੰਦਾ ਤਾਂ ਪੰਜਾਬ ਨੂੰ ਅੱਜ ਇਹ ਹਾਲਾਤ ਨਾ ਵੇਖਣੇ ਪੈਂਦੇ।

Advertisement
Show comments