DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਿਆਨੀ ਹਰਪ੍ਰੀਤ ਸਿੰਘ ਭਰਤੀ ਕਮੇਟੀ ਵੱਲੋਂ ਗਠਿਤ ਅਕਾਲੀ ਦਲ ਦੇ ਪ੍ਰਧਾਨ ਬਣੇ

ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਮੁਖੀ ਚੁਣਿਆ
  • fb
  • twitter
  • whatsapp
  • whatsapp
featured-img featured-img
ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਸਤਵੰਤ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਨਾਲ। -ਫੋਟੋ: ਵਿਸ਼ਾਲ
Advertisement

ਅਕਾਲ ਤਖ਼ਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਅੱਜ ਇੱਥੇ ਡੈਲੀਗੇਟ ਇਜਲਾਸ ਦੌਰਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਸ਼੍ਰੋਮਣੀ ਅਕਾਲੀ ਦਲ ਦਾ ਇੱਕ ਧਾਰਮਿਕ ਵਿੰਗ ਪੰਥਕ ਕੌਂਸਲ ਬਣਾਇਆ ਗਿਆ ਹੈ, ਜਿਸ ਦਾ ਬੀਬੀ ਸਤਵੰਤ ਕੌਰ ਨੂੰ ਚੇਅਰਪਰਸਨ ਚੁਣਿਆ ਗਿਆ ਹੈ ਜੋ ਸ਼ਹੀਦ ਅਮਰੀਕ ਸਿੰਘ ਦੀ ਬੇਟੀ ਹਨ। ਇਸ ਸ਼੍ਰੋਮਣੀ ਅਕਾਲੀ ਦਲ ਵਿੱਚ ਰਾਜਸੀ ਅਤੇ ਧਾਰਮਿਕ ਵਿੰਗ ਬਰਾਬਰ ਦਾ ਕੰਮ ਕਰਨਗੇ। ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰਾਜਸੀ ਚੋਣ ਨਹੀਂ ਲੜਨਗੇ।

ਪਿਛਲੇ ਸਾਲ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਵਾਸਤੇ ਭਰਤੀ ਕਮੇਟੀ ਬਣਾਈ ਸੀ, ਜਿਸ ਨੂੰ ਭਰਤੀ ਅਤੇ ਨਵੇਂ ਪ੍ਰਧਾਨ ਦੀ ਚੋਣ ਦਾ ਕਾਰਜ ਸੌਂਪਿਆ ਗਿਆ ਸੀ। ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਹੁਕਮ ਵੀ ਕੀਤਾ ਗਿਆ ਸੀ।

Advertisement

ਕਮੇਟੀ ਵੱਲੋਂ ਲਗਭਗ 15 ਲੱਖ ਤੋਂ ਵੱਧ ਮੈਂਬਰ ਅਤੇ ਲਗਭਗ 500 ਡੈਲੀਗੇਟ ਬਣਾਏ ਗਏ ਸਨ। ਨਿਹੰਗ ਜਥੇਬੰਦੀ ਬੁੱਢਾ ਦਲ ਦੀ ਛਾਉਣੀ ਸਥਿਤ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਸਮਾਗਮ ਦੌਰਾਨ ਸੰਤਾ ਸਿੰਘ ਉਮੈਦਪੁਰੀ ਨੂੰ ਇਜਲਾਸ ਦਾ ਨਿਗਰਾਨ ਬਣਾਇਆ ਗਿਆ ਸੀ। ਇਸ ਮੌਕੇ ਪ੍ਰਧਾਨ ਦੀ ਚੋਣ ਵਾਸਤੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਈਦ ਕੀਤੀ ਜਦੋਂ ਕਿ ਸੁੱਚਾ ਸਿੰਘ ਛੋਟੇਪੁਰ ਨੇ ਇਸ ਦੀ ਮਜੀਦ ਤਾਈਦ ਕੀਤੀ। ਕਿਸੇ ਹੋਰ ਉਮੀਦਵਾਰ ਦਾ ਨਾਮ ਪੇਸ਼ ਨਾ ਹੋਣ ’ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ ਗਿਆ। ਇਜਲਾਸ ਦੌਰਾਨ ਮੰਚ ਸੰਚਾਲਨ ਇਕਬਾਲ ਸਿੰਘ ਝੂੰਦਾ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰ ਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਕਰਨੈਲ ਸਿੰਘ ਪੰਜੋਲੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ ਹਾਜ਼ਰ ਸਨ। ਬੁਲਾਰਿਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਇਤਿਹਾਸਕ ਪੜਾਅ ਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਚੱਲਦਿਆਂ ਜਥੇਬੰਦੀ ਨੂੰ ਦੋ ਵਾਰਸ ਮਿਲੇ ਹਨ। ਉਨ੍ਹਾਂ ਕਿਹਾ ਕਿ ਸਿਆਸਤ ’ਤੇ ਧਰਮ ਦਾ ਕੁੰਡਾ ਮਜ਼ਬੂਤ ਰੱਖਣ ਲਈ ਪੰਥਕ ਕੌਂਸਲ ਬਣਾਈ ਗਈ ਹੈ। ਬਾਅਦ ’ਚ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਸਤਵੰਤ ਕੌਰ ਹੋਰ ਆਗੂਆਂ ਦੇ ਨਾਲ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸਬੰਧੀ ਮਤੇ ਪਾਸ

ਅੰਮ੍ਰਿਤਸਰ: ਭਰਤੀ ਕਮੇਟੀ ਦੇ ਡੈਲੀਗੇਟ ਇਜਲਾਸ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸਬੰਧੀ ਕਈ ਮਤੇ ਪਾਸ ਕੀਤੇ ਗਏ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੰਜਾਬ ਦੀਆਂ ਹੱਕੀ ਮੰਗਾਂ ਬਾਰੇ ਲਗਭਗ 15 ਮਤੇ ਡੈਲੀਗੇਟ ਇਜਲਾਸ ਵਿੱਚ ਸੰਗਤ ਦੇ ਸਾਹਮਣੇ ਰੱਖੇ ਗਏ, ਜਿਨ੍ਹਾਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨ ਕੀਤਾ ਗਿਆ। ਇਜਲਾਸ ਦੌਰਾਨ ਕੇਂਦਰ ਸਰਕਾਰ ਤੋਂ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਰਿਪੇਰੀਅਨ ਕਾਨੂੰਨ ਮੁਤਾਬਕ ਹੱਲ ਕਰਨ, ਬਾਹਰੀ ਸੂਬਿਆਂ ਦੇ ਲੋਕਾਂ ਨੂੰ ਪੰਜਾਬ ਵਿੱਚ ਨੌਕਰੀ, ਜਾਇਦਾਦ ਖ਼ਰੀਦਣ ਅਤੇ ਵੋਟ ਦੇ ਅਧਿਕਾਰ ’ਤੇ ਪੂਰਨ ਪਾਬੰਦੀ ਲਗਾਉਣ, ਪੰਜਾਬੀ ਸੂਬਾ ਬਣਾਉਣ ਸਮੇਂ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਵਿੱਚ ਸ਼ਾਮਲ ਕਰ ਦਿੱਤੇ ਗਏ ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਗਈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦਾ ਸਹਿਯੋਗ ਕਰਨ ਦਾ ਭਰੋਸਾ ਦੇਣ ਸਬੰਧੀ ਵੀ ਇੱਕ ਮਤਾ ਪਾਸ ਕੀਤਾ ਗਿਆ। ਇੱਕ ਹੋਰ ਮਤੇ ਰਾਹੀਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਹੋਰ ਸੂਬਿਆਂ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੀ ਸੁਰੱਖਿਆ ਦੇ ਯੋਗ ਪ੍ਰਬੰਧ ਕੀਤੇ ਜਾਣ। ਇਜਲਾਸ ਦੌਰਾਨ ਅਟਾਰੀ ਅਤੇ ਹੁਸੈਨੀਵਾਲਾ ਸਰਹੱਦ ਖੋਲ੍ਹਣ ਦੀ ਮੰਗ ਵੀ ਕੀਤੀ ਗਈ। ਇਸੇ ਤਰ੍ਹਾਂ ਅੰਮ੍ਰਿਤਸਰ, ਮੁਹਾਲੀ, ਹਲਵਾਰਾ ਦੇ ਹਵਾਈ ਅੱਡਿਆਂ ਨੂੰ ਡਰਾਈ ਪੋਰਟ ਬਣਾਉਣ ਲਈ ਕਿਹਾ। ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਦੀ ਸਾਂਭ-ਸੰਭਾਲ ਅਤੇ ਵਾਤਾਵਰਨ ਨੂੰ ਬਚਾਉਣ ਲਈ ਠੋਸ ਕਦਮ ਚੁੱਕਣ ਦਾ ਵੀ ਭਰੋਸਾ ਦਿੱਤਾ ਗਿਆ ਹੈ।

Advertisement
×