Goa stampede - Inquiry Ordered: ਗੋਆ ਦੇ ਮੁੱਖ ਮੰਤਰੀ ਵੱਲੋਂ ਮਾਮਲੇ ਦੀ ਜਾਂਚ ਦਾ ਐਲਾਨ
ਪਣਜੀ, 3 ਮਈ
ਗੋਆ ਦੇ ਲੈਰਾਈ ਮੰਦਰ ਵਿਚ ਅੱਜ ਤੜਕੇ ਭਗਦੜ ਮਚਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਪੰਜਾਹ ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਹਾਲੇ ਇਹ ਪਤਾ ਨਹੀਂ ਲਗ ਸਕਿਆ ਕਿ ਭਗਦੜ ਕਿਹੜੇ ਕਾਰਨਾਂ ਕਰ ਕੇ ਮੱਚੀ। ਇਹ ਜਾਣਕਾਰੀ ਮਿਲੀ ਹੈ ਕਿ ਮੰਦਰ ਦੇ ਸਾਹਮਣੇ ਇਕ ਦੁਕਾਨ ਵਿਚ ਕਰੰਟ ਲੱਗਣ ਦੀ ਖਬਰ ਅੱਗ ਵਾਂਗ ਫੈਲੀ ਜਿਸ ਕਾਰਨ ਮੰਦਰ ਵਿਚ ਭਗਦੜ ਮਚ ਗਈ।
ਦੱਸਣਾ ਬਣਦਾ ਹੈ ਕਿ ਇਸ ਮੰਦਰ ਵਿਚ ਹਰ ਸਾਲ ਅਪਰੈਲ ਜਾਂ ਮਈ ਵਿਚ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਲੋਕ ਇਕੱਠੇ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਇਸ ਹਾਦਸੇ ਵਿਚ ਵੀਹ ਜਣਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਰਿਪੋਰਟ ਨੂੰ ਜਨਤਕ ਕੀਤਾ ਜਾਵੇਗਾ ਤੇ ਭਵਿੱਖ ਵਿਚ ਗੋਆ ਵਿਚ ਹੋਣ ਵਾਲੇ ਸਮਾਗਮਾਂ ਵਿਚ ਅਗਾਊਂ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰ ਕੇ ਹਰ ਮਦਦ ਦਾ ਭਰੋਸਾ ਦਿੱਤਾ ਹੈ।