ਪਣਜੀ, 15 ਸਤੰਬਰ
ਗੋਆ ਵਿਧਾਨ ਸਭਾ ਦੇ ਸਪੀਕਰ ਰਮੇਸ਼ ਤਾਵੜਕਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਸੱਤਾਧਾਰੀ ਭਾਜਪਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਰਲੇਵੇਂ ਨੂੰ ਸਵੀਕਾਰ ਕਰ ਲਿਆ ਹੈ। ਸ੍ਰੀ ਤਵਾੜਕਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਕਾਂਗਰਸੀ ਵਿਧਾਇਕਾਂ ਵੱਲੋਂ ਦਿੱਤੇ ਪੱਤਰ ਨੂੰ ਘੋਖਿਆ ਅਤੇ ਦੇਖਿਆ ਕਿ ਉਨ੍ਹਾਂ ਕੋਲ ਲੋੜੀਂਦੇ ਨੰਬਰ ਸਨ। ਕਾਂਗਰਸ ਦੇ 11 ਵਿਧਾਇਕਾਂ ਵਿਚੋਂ 8 ਨੇ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਮਤਾ ਪਾਸ ਕੀਤਾ ਸੀ। ਇਸੇ ਦੌਰਾਨ ਅੱਜ ਗੋਆ ਵਿੱਚ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਨਵੇਂ ਸਿਆਸੀ ਘਟਨਾਕ੍ਰਮ ਅਤੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਮੈਂਬਰਾਂ ਨੂੰ ਦੱਸਿਆ ਗਿਆ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਦੀ ਪੁਸ਼ਟੀ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਅਸੀਂ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਨਵੇਂ ਸਿਆਸੀ ਘਟਨਾਕ੍ਰਮ ਬਾਰੇ ਜਾਣੂ ਕਰਾਉਣ ਲਈ ਮੀਟਿੰਗ ਕੀਤੀ। ਭਾਜਪਾ ਦੇ ਸੂਬਾਈ ਪ੍ਰਧਾਨ ਸਦਾਨੰਦ ਤਨਾਵੜੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਜਨਮਦਿਨ ਮੌਕੇ ਸੂਬੇ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਸਵੇਰੇ ਰਾਜਪਾਲ ਪੀਐੱਸ ਸ੍ਰੀਧਰਨ ਪਿੱਲਈ ਨਾਲ ਮੁਲਾਕਾਤ ਕੀਤੀ ਹੈ। -ਪੀਟੀਆਈ
ਗੋਆ ਕਾਂਗਰਸ ਇੰਚਾਰਜ ਮੀਟਿੰਗ ਲਈ ਪਣਜੀ ਪੁੱਜੇ
ਪਣਜੀ: ਗੋਆ ਕਾਂਗਰਸ ਦੇ ਇੰਚਾਰਜ ਦਿਨੇਸ਼ ਗੁੰਡੂ ਰਾਓ ਨੇ ਅੱਜ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਉਹ ਬੁੱਧਵਾਰ ਦੇਰ ਰਾਤ ਇਥੇ ਪੁੱਜੇ ਸਨ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ, ‘‘ ਮੈਂ ਇਥੇ ਪੁੱਜ ਗਿਆ ਹਾਂ। ਮੈਂ ਪਾਰਟੀ ਦੇ ਸਾਰੇ ਵਿਧਾਨ ਸਭਾ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਮਿਲ ਰਿਹਾ ਹਾਂ।’’ ਤੱਟੀ ਸੂਬੇ ਵਿੱਚ ਕਾਂਗਰਸ ਦੇ ਸਿਰਫ 3 ਵਿਧਾਇਕ ਰਹਿ ਗਏ ਹਨ।