ਨਵੀਂ ਦਿੱਲੀ: ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰਾਂ ਦੇ ਸਾਂਝੇ ਉਮੀਦਵਾਰ ਵਜੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਉਮੀਦਵਾਰ ਅਜਿਹਾ ਹੋਣਾ ਚਾਹੀਦਾ ਹੈ ਜਿਸ ਲਈ ਕੌਮੀ ਪੱਧਰ ’ਤੇ ਸਹਿਮਤੀ ਹੋਵੇ ਤੇ ਵਿਰੋਧੀ ਧਿਰਾਂ ਦੀ ਏਕਤਾ ਯਕੀਨੀ ਹੋਵੇ। ਇੱਕ ਬਿਆਨ ’ਚ ਗੋਪਾਲਕ੍ਰਿਸ਼ਨ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਕਈ ਆਗੂਆਂ ਵੱਲੋਂ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ’ਤੇ ਵਿਚਾਰ ਕੀਤਾ ਜਾਣਾ ਉਨ੍ਹਾਂ ਲਈ ਸਨਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ, ‘ਮੈਂ ਉਨ੍ਹਾਂ ਦਾ ਬਹੁਤ ਧੰਨਵਾਦੀ ਹਾਂ ਪਰ ਇਸ ਮਾਮਲੇ ’ਤੇ ਡੂੰਘਾਈ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੈਂ ਦੇਖਦਾ ਹਾਂ ਕਿ ਵਿਰੋਧੀ ਧਿਰ ਦਾ ਉਮੀਦਵਾਰ ਅਜਿਹਾ ਹੋਣਾ ਚਾਹੀਦਾ ਹੈ ਜੋ ਵਿਰੋਧੀ ਧਿਰ ਦੀ ਏਕਤਾ ਤੋਂ ਇਲਾਵਾ ਕੌਮੀ ਪੱਧਰ ’ਤੇ ਆਮ ਸਹਿਮਤੀ ਪੈਦਾ ਕਰੇ।’ ਉਹ ਤੀਜੇ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰਾਂ ਦਾ ਸਾਂਝਾ ਉਮੀਦਵਾਰ ਬਣਨ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਆਪਣਾ ਨਾਮ ਵਾਪਸ ਲੈ ਚੁੱਕੇ ਹਨ। ਇਸ ਕਾਰਨ ਵਿਰੋਧੀ ਗੱਠਜੋੜ ਉਮੀਦਵਾਰ ਦੀ ਚੋਣ ਨੂੰ ਲੈ ਕੇ ਕਸੂਤੀ ਸਥਿਤੀ ਫਸ ਗਿਆ ਸੀ। ਇਸ ਬਾਰੇ ਚਰਚਾ ਭਲਕ ਦੀ ਮੀਟਿੰਗ ਵਿੱਚ ਹੋਣ ਦੀ ਸੰਭਾਵਨਾ ਹੈ। -ਪੀਟੀਆਈ