ਭੁਪਾਲ, 7 ਜਨਵਰੀ
ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀ ਕਾਨੂੰਨ ਲਾਗੂ ਕਰਕੇ ਖੇਤੀ ਸੈਕਟਰ ਦਾ ਨਿਜੀਕਰਨ ਕਰਨਾ ਚਾਹੁੰਦੀ ਹੈ। ਸਰਕਾਰ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ,‘‘ਆਰਐੱਸਐੱਸ ਅਤੇ ਭਾਰਤੀ ਜਨ ਸੰਘ ਸ਼ੁਰੂ ਤੋਂ ਹੀ ਨਿਜੀਕਰਨ ਦੇ ਹਮਾਇਤੀ ਸਨ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਬੈਂਕਾਂ ਦੇ ਰਾਸ਼ਟਰੀਕਰਨ ਦਾ ਵੀ ਵਿਰੋਧ ਕੀਤਾ ਸੀ।’’ ਕਾਂਗਰਸ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ਲਈ 23 ਜਨਵਰੀ ਤੱਕ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਕਿਸਾਨ ਸਾਧਾਰਨ ਹਨ ਅਤੇ ਤਿੰਨੋਂ ਖੇਤੀ ਕਾਨੂੰਨ ਉਨ੍ਹਾਂ ਦੇ ਹਿੱਤਾਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਦੋ ਘੰਟਿਆਂ ਲਈ ਸੂਬੇ ’ਚ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ 20 ਜਨਵਰੀ ਨੂੰ ਮੋਰੈਨਾ ਜ਼ਿਲ੍ਹੇ ’ਚ ਕਿਸਾਨ ਮਹਾਪੰਚਾਇਤ ਕਰਵਾਈ ਜਾਵੇਗੀ। ਕਾਂਗਰਸ ਆਗੂ ਨੇ ਦੱਸਿਆ ਕਿ 23 ਜਨਵਰੀ ਨੂੰ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 16 ਜਨਵਰੀ ਨੂੰ ਉਹ ਛਿੰਦਵਾੜਾ ’ਚ ਕਿਸਾਨ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। -ਪੀਟੀਆਈ