ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰ ਲੁਧਿਆਣਾ ਸਿਟੀ ਸੈਂਟਰ ਮਾਮਲਾ ਨਿਬੇੜਨ ਦੇ ਰੌਂਅ ’ਚ

ਲੁਧਿਆਣਾ ਤੇ ਪਟਿਆਲਾ ਦੀਆਂ 25 ਸਰਕਾਰੀ ਸੰਪਤੀਆਂ ਦੀ ਨਿਲਾਮੀ ਪ੍ਰਕਿਰਿਆ ਤੇਜ਼
Advertisement

ਪੰਜਾਬ ਸਰਕਾਰ ਲੁਧਿਆਣਾ ਦੇ ਵਿਵਾਦਤ ਸਿਟੀ ਸੈਂਟਰ ਦਾ ਨਿਬੇੜਾ ਕਰਨ ਦੇ ਰੌਂਅ ’ਚ ਜਾਪਦੀ ਹੈ ਪਰ ਸਿਟੀ ਸੈਂਟਰ ਦੀ ਬਕਾਇਆ ਰਾਸ਼ੀ ਜ਼ਿਆਦਾ ਹੋਣ ਕਰ ਕੇ ਪੇਚ ਫਸ ਗਿਆ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੀਟਿੰਗ ’ਚ ਲੁਧਿਆਣਾ ਦੇ ਸਿਟੀ ਸੈਂਟਰ ਬਾਰੇ ਲੰਮੀ ਵਿਚਾਰ ਚਰਚਾ ਹੋਈ। ਅਰੋੜਾ ਨੇ ਇਸ ਸਿਟੀ ਸੈਂਟਰ ਦਾ ਨਿਬੇੜਾ ਕਰਨ ਲਈ ਕਿਹਾ ਹੈ। ਮੀਟਿੰਗ ਦੌਰਾਨ ਪਤਾ ਲੱਗਿਆ ਕਿ ਸਿਟੀ ਸੈਂਟਰ ਲਈ ਜੋ ਆਰਬੀਟਰੇਟਰ (ਸਾਲਸ) ਤਾਇਨਾਤ ਕੀਤਾ ਗਿਆ ਸੀ, ਉਸ ਨੇ ਠੇਕੇਦਾਰ ਨੂੰ 1050 ਕਰੋੜ ਦੀ ਅਦਾਇਗੀ ਕਰਨ ਲਈ ਆਖ ਦਿੱਤਾ ਹੈ।

ਪੰਜਾਬ ਸਰਕਾਰ ਹੁਣ ਇਸ ਅਦਾਇਗੀ ਆਦਿ ਨੂੰ ਲੈ ਕੇ ਕਾਨੂੰਨੀ ਰਾਹ ਅਖ਼ਤਿਆਰ ਕਰਨ ਬਾਰੇ ਸੋਚ ਰਹੀ ਹੈ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਸਮੇਂ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਨੇ ਪੱਖੋਵਾਲ ਰੋਡ ’ਤੇ 25 ਏਕੜ ’ਚ ਸਿਟੀ ਸੈਂਟਰ ਲਾਂਚ ਕੀਤਾ ਸੀ। ਵਿਜੀਲੈਂਸ ਨੇ ਸਾਲ 2007 ’ਚ ਸਿਟੀ ਸੈਂਟਰ ਦੇ ਘਪਲੇ ’ਚ ਕੈਪਟਨ ਅਮਰਿੰਦਰ ਸਿੰਘ ਸਮੇਤ ਤਿੰਨ ਦਰਜਨ ਵਿਅਕਤੀਆਂ ’ਤੇ ਕੇਸ ਦਰਜ ਕੀਤਾ ਸੀ ਅਤੇ ਸਾਲ 2017 ’ਚ ਵਿਜੀਲੈਂਸ ਨੇ ਕੋਈ ਠੋਸ ਸਬੂਤ ਨਾ ਹੋਣ ਦੇ ਹਵਾਲੇ ਨਾਲ ਕੇਸ ਬੰਦ ਕਰ ਦਿੱਤਾ ਸੀ। ਸੂਬਾ ਸਰਕਾਰ ਹੁਣ ਵਿਚਾਰ ਕਰ ਰਹੀ ਹੈ ਕਿ ਇਸ ਬਹੁ ਕੀਮਤੀ ਜਗ੍ਹਾ ਦਾ ਨਿਬੇੜਾ ਕੀਤਾ ਜਾਵੇ।

Advertisement

ਇਸੇ ਤਰ੍ਹਾਂ ਲੁਧਿਆਣਾ ਤੇ ਪਟਿਆਲਾ ਦੀ ਸਰਕਾਰੀ ਸੰਪਤੀ ਨੂੰ ਵੇਚਣ ਲਈ ਵੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਪਹਿਲੀ ਅਕਤੂਬਰ ਨੂੰ ਹੋਈ ਮੀਟਿੰਗ ’ਚ 25 ਅਹਿਮ ਸਰਕਾਰੀ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਗਈ ਸੀ ਜਿਨ੍ਹਾਂ ਦੀ ਕਾਪੀ ‘ਪੰਜਾਬੀ ਟ੍ਰਿਬਿਊਨ’ ਕੋਲ ਮੌਜੂਦ ਹੈ। ਨਿਲਾਮ ਕੀਤੇ ਜਾਣ ਵਾਲੇ ਪ੍ਰਾਜੈਕਟਾਂ ’ਚ ਰੈਸਟ ਹਾਊਸ, ਵੈਟਰਨਰੀ ਹਸਪਤਾਲ, ਲਾਡੋਵਾਲ ਸੀਡ ਫਾਰਮ ਅਤੇ ਦੋ ਸਰਕਾਰੀ ਕਾਲੋਨੀਆਂ ਵੀ ਸ਼ਾਮਿਲ ਹਨ।

ਸੂਤਰਾਂ ਮੁਤਾਬਿਕ ਲੁਧਿਆਣਾ ਦੀ ਸਰਕਾਰੀ ਸੰਪਤੀ ਵੇਚਣ ਲਈ ਸਲਾਹਕਾਰ ਵੀ ਹਾਇਰ ਕੀਤਾ ਜਾ ਸਕਦਾ ਹੈ। ਮੀਟਿੰਗ ’ਚ ਪੰਜਾਬ ਵਿਕਾਸ ਕਮਿਸ਼ਨ ਦੇ ਅਧਿਕਾਰੀ ਅਤੇ ਕਈ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। ਪਹਿਲੀ ਅਕਤੂਬਰ ਨੂੰ ਇਸ ਬਾਬਤ ਹੋਈ ਮੀਟਿੰਗ ਦੀ 10 ਅਕਤੂਬਰ ਨੂੰ ਜਾਰੀ ਕੀਤੀ ਕਾਰਵਾਈ ਰਿਪੋਰਟ ਅਨੁਸਾਰ ਕਾਫ਼ੀ ਸੰਪਤੀਆਂ ਉਹ ਹਨ ਜਿਨ੍ਹਾਂ ਨੂੰ ਪਹਿਲਾਂ ਹੀ ਨਿਲਾਮੀ ’ਤੇ ਲਾਇਆ ਹੋਇਆ ਸੀ ਪਰ ਰਾਖਵੀਂ ਕੀਮਤ ਜ਼ਿਆਦਾ ਹੋਣ ਕਰ ਕੇ ਕੋਈ ਖ਼ਰੀਦਦਾਰ ਨਹੀਂ ਲੱਭ ਰਿਹਾ ਸੀ।

ਪਾਵਰਕੌਮ ਦੀਆਂ ਲੁਧਿਆਣਾ ਵਿਚਲੀਆਂ ਦਸ ਅਤੇ ਪਟਿਆਲਾ ਵਿਚਲੀ ਇੱਕ ਸੰਪਤੀ ਦੀ ਸ਼ਨਾਖ਼ਤ ਕੀਤੀ ਗਈ ਹੈ। ਕਾਰਵਾਈ ਰਿਪੋਰਟ ਅਨੁਸਾਰ ਲੁਧਿਆਣਾ ਦੇ ਡੀ ਸੀ ਦਫ਼ਤਰ ਦੇ ਸਾਹਮਣੇ ਦਾ ਸਿੰਜਾਈ ਦਫ਼ਤਰ ਦਾ ਇੱਕ ਟੁਕੜਾ ਵੇਚਿਆ ਜਾਣਾ ਹੈ ਅਤੇ 5.4 ਏਕੜ ਵਾਲਾ ਰਾਮਪੁਰ ਨਹਿਰੀ ਆਰਾਮ ਘਰ ਵੀ ਨਿਲਾਮ ਹੋਵੇਗਾ। ਲੁਧਿਆਣਾ ’ਚ ਪਸ਼ੂ ਹਸਪਤਾਲ ਦੀ 2 ਏਕੜ ਦੀ ਸਾਈਟ ਬਹੁ-ਕੀਮਤੀ ਹੈ। ਇੱਥੋਂ ਹਸਪਤਾਲ ਸ਼ਿਫ਼ਟ ਕਰ ਕੇ ਸੰਪਤੀ ਵੇਚੀ ਜਾਵੇਗੀ। ਬਹੁਤੇ ਪ੍ਰਾਜੈਕਟ ਪਹਿਲਾਂ ਵੀ ਵਿਕਰੀ ’ਤੇ ਲਾਏ ਗਏ ਸਨ ਜਿਨ੍ਹਾਂ ਬਾਰੇ ਫ਼ੈਸਲਾ ਪਿਛਲੀਆਂ ਸਰਕਾਰਾਂ ਨੇ ਕੀਤਾ ਸੀ।

ਲੋਕ ਨਿਰਮਾਣ ਵਿਭਾਗ ਦੀ ਕਾਲੋਨੀ ਦੀ ਸਾਈਟ ਇੱਕ ਦੀ 3.51 ਏਕੜ ਜ਼ਮੀਨ ਵੇਚੀ ਜਾਵੇਗੀ। ਇਹ ਪਹਿਲਾਂ ਵੀ ਵਿਕਰੀ ’ਤੇ ਲਾਈ ਗਈ ਪ੍ਰੰਤੂ ਕੋਈ ਖ਼ਰੀਦਦਾਰ ਨਹੀਂ ਆਇਆ। ਰਾਣੀ ਝਾਂਸੀ ਰੋਡ ’ਤੇ ਲੋਕ ਨਿਰਮਾਣ ਵਿਭਾਗ ਦੇ 1.28 ਏਕੜ ਨੂੰ ਗਲਾਡਾ ਹਵਾਲੇ ਕਰਨ ਲਈ ਕਿਹਾ ਗਿਆ ਹੈ। ਦੂਸਰੀ ਤਰਫ਼ ਪੁਰਾਣੇ ਹਸਪਤਾਲ ਦੀ ਇਮਾਰਤ ਅਤੇ ਸਿਵਲ ਸਰਜਨ ਦਫ਼ਤਰ ਦੀ ਸਾਈਟ ਨੂੰ ਵਿਕਰੀ ਵਾਲੀ ਸੂਚੀ ’ਚੋਂ ਬਾਹਰ ਕੱਢ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਲਾਡੋਵਾਲ ਸੀਡ ਫਾਰਮ ਅਤੇ ਬਾਗਵਾਨੀ ਦੀ ਜ਼ਮੀਨ ਬਾਰੇ ਪੰਜਾਬ ਖੇਤੀ ’ਵਰਸਿਟੀ ਨਾਲ ਮੀਟਿੰਗ ਕਰਨ ਲਈ ਕਿਹਾ ਗਿਆ ਹੈ। ਪੱਖੋਵਾਲ ਰੋਡ ਵਾਲੀ ਕੈਨਾਲ ਕਾਲੋਨੀ ਦੇ ਕੁੱਝ ਹਿੱਸੇ ਨੂੰ ਨਿਲਾਮੀ ’ਤੇ ਲਾਉਣ ਲਈ ਕਿਹਾ ਗਿਆ ਹੈ। ਪਾਵਰਕੌਮ ਦੀਆਂ ਲੁਧਿਆਣਾ ਵਿਚਲੀਆਂ 10 ਜਾਇਦਾਦਾਂ, ਜਿਨ੍ਹਾਂ ’ਚ ਤਿੰਨ ਮੰਜ਼ਿਲਾ ਦੋ ਇਮਾਰਤਾਂ ਤੇ ਪਾਵਰ ਕਾਲੋਨੀ ਵੀ ਸ਼ਾਮਲ ਹੈ, ਪੁੱਡਾ ਨੂੰ ਸ਼ਿਫ਼ਟ ਕਰਨ ਵਾਸਤੇ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਪਟਿਆਲਾ 23 ਨੰਬਰ ਫਾਟਕ ਨੇੜਲੀ ਪਾਵਰਕੌਮ ਦੀ 90 ਏਕੜ ਜ਼ਮੀਨ ਨੂੰ ਵੀ ਪੁੱਡਾ ਨੂੰ ਤਬਦੀਲ ਕਰਨ ਦੀ ਤਿਆਰੀ ਹੈ। ਪਾਵਰਕੌਮ ਨੇ ਪੱਤਰ ਜਾਰੀ ਕਰ ਕੇ ਇਸ ਜ਼ਮੀਨ ’ਚੋਂ ਬਿਜਲੀ ਦੀਆਂ 66 ਕੇ ਵੀ ਦੀਆਂ ਦੋ ਲਾਈਨਾਂ ਹਟਾਉਣ ਲਈ ਕਿਹਾ ਹੈ। ਪਾਵਰਕੌਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਪਹਿਲਾਂ ਹੀ ਇਸ ਵੇਚ-ਵੱਟਤ ਖ਼ਿਲਾਫ਼ ਬਿਗਲ ਵਜਾਇਆ ਹੋਇਆ ਹੈ।

Advertisement
Show comments