ਦੇਹਰਾਦੂਨ, 10 ਜਨਵਰੀ
ਵਿਰੋਧੀ ਧਿਰ ਕਾਂਗਰਸ ਨੇ ਅੱਜ ਉੱਤਰਾਖੰਡ ਦੀ ਭਾਰਤੀ ਜਨਤਾ ਪਾਰਟੀ ਸਰਕਾਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਕਾਂਗਰਸ ਦੀ ਪ੍ਰਚਾਰ ਮੁਹਿੰਮ ਦੇ ਮੁਖੀ ਹਰੀਸ਼ ਰਾਵਤ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ, ‘ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋਣ ਨਾਲ ਲਾਗੂ ਹੋਏ ਚੋਣ ਜ਼ਾਬਤੇ ਨੂੰ ਦਰਕਿਨਾਰ ਕਰਦਿਆਂ ਸੂਬਾ ਸਰਕਾਰ ਨੇ ਆਬਕਾਰੀ, ਸਿੱਖਿਆ ਤੇ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ’ਚ ਨਿਯੁਕਤੀਆਂ ਕੀਤੀਆਂ ਹਨ।’ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਚਹੇਤਿਆਂ ਦੀਆਂ ਨਿਯੁਕਤੀਆਂ ਇਨ੍ਹਾਂ ਵਿਭਾਗਾਂ ’ਚ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਕਾਂਗਰਸ ਨੇ ਇਸ ਸਬੰਧੀ ਰਾਜ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਨਿਯੁਕਤੀਆਂ ਰੱਦ ਕੀਤੀਆਂ ਜਾਣ ਤੇ ਇਨ੍ਹਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਜ਼ਬਤ ਕੀਤੇ ਜਾਣ। -ਪੀਟੀਆਈ
ਕਾਂਗਰਸ ਭ੍ਰਿਸ਼ਟਾਚਾਰ ਦੀ ਮਾਂ: ਧਾਮੀ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਾਂਗਰਸ ਨੂੰ ‘ਭ੍ਰਿਸ਼ਟਾਚਾਰ ਦੀ ਮਾਂ’ ਦਸਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਹਾਲਤ 2017 ਦੇ ਚੋਣ ਨਤੀਜਿਆਂ ਨਾਲੋਂ ਵੀ ਮਾੜੀ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਰਾਜ ’ਚ ਚੱਲ ਰਹੇ ਵੱਖ ਵੱਖ ਵਿਕਾਸ ਪ੍ਰਾਜੈਕਟ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਿਆਨਦੇ ਹਨ ਤੇ ਪਾਰਟੀ ਇਨ੍ਹਾਂ ਚੋਣਾਂ ’ਚ 60 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ ਹਨ।