ਨਵੀਂ ਦਿੱਲੀ, 2 ਜਨਵਰੀ
ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ‘ਅੜੀਅਲ ਰਵੱਈਆ’ ਛੱਡ ਕੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਹੈ ਕਿ ਕੜਾਕੇ ਦੀ ਠੰਢ ਅਤੇ ਮੀਂਹ ’ਚ ਬੈਠੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਹੱਦ ’ਤੇ ਪ੍ਰਦਰਸ਼ਨਾਂ ਦੌਰਾਨ 57 ਕਿਸਾਨਾਂ ਦੀਆਂ ਮੌਤਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ। ‘ਸਰਕਾਰ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਨਾ ਮੰਨ ਕੇ ਗ਼ੈਰਸੰਜੀਦਗੀ ਦਿਖਾ ਰਹੀ ਹੈ।’ ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਅਤੇ ਅਮਰਜੀਤ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਕਸ਼ਮੀਰ ਸਿੰਘ ਦੀ ਖ਼ੁਦਕੁਸ਼ੀ ਪ੍ਰੇਸ਼ਾਨ ਕਰਨ ਵਾਲੀ ਹੈ। ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਸਰਕਾਰ ਨੂੰ ਝੁਕ ਕੇ ਖੇਤੀ ਕਾਨੂੰਨ ਰੱਦੀ ਦੀ ਟੋਕਰੀ ’ਚ ਸੁੱਟ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਰੋਸੇ ’ਚ ਲੈ ਕੇ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖ ਕੇ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ। -ਪੀਟੀਆਈ