ਰਾਜਪਾਲ ਵੱਲੋਂ ਮਜੀਠੀਆ ਖ਼ਿਲਾਫ਼ ਕੇਸ ਚਲਾਉਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ 8 ਸਤੰਬਰ ਨੂੰ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਸੀ ਸਹਿਮਤੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਜੀਠੀਆ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ 8 ਸਤੰਬਰ 2025 ਨੂੰ ਪੰਜਾਬ ਮੰਤਰੀ ਮੰਡਲ ਨੇ ਮਜੀਠੀਆ ਖ਼ਿਲਾਫ਼ ਕੇਸ ਚਲਾਉਣ ਦੀ ਸਹਿਮਤੀ ਦਿੱਤੀ ਸੀ।
ਮੰਤਰੀ ਮੰਡਲ ਨੇ ਇਹ ਮਾਮਲਾ ਕਾਰਵਾਈ ਦੀ ਪ੍ਰਵਾਨਗੀ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਭੇਜਿਆ ਸੀ, ਜਿਸ ’ਤੇ ਅੱਜ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮਜੀਠੀਆ ’ਤੇ 700 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ, ਜੋ ਉਨ੍ਹਾਂ ਦੀ ਐਲਾਨੀ ਆਮਦਨ ਨਾਲੋਂ ਤਕਰੀਬਨ 12 ਗੁਣਾ ਵੱਧ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਜਾਇਦਾਦ ਕਥਿਤ ਤੌਰ ’ਤੇ 2013 ਦੇ ਡਰੱਗ ਤਸਕਰੀ ਨੈੱਟਵਰਕ ਨਾਲ ਜੁੜੇ 540 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਰਾਹੀਂ ਹਾਸਲ ਕੀਤੀ ਗਈ ਹੈ। ਮਜੀਠੀਆ ਜ਼ਿਲ੍ਹਾ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਬੰਦ ਹੈ। ਵਿਜੀਲੈਂਸ ਬਿਊਰੋ ਨੇ ਉਸ ਨੂੰ ਲੰਘੀ 25 ਜੂਨ ਨੂੰ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ
ਐੱਸਏਐੱਸ ਨਗਰ(ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਨਾਭਾ ਦੀ ਨਵੀਂ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਪੇਸ਼ੀ ਭੁਗਤੀ। ਉਸ ਦੀ ਅਗਲੀ ਪੇਸ਼ੀ 10 ਨਵੰਬਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਤੈਅ ਕੀਤੀ ਗਈ ਹੈ ਤੇ ਇਸੇ ਦਿਨ ਉਸ ਖ਼ਿਲਾਫ਼ ਵਿਜੀਲੈਂਸ ਵੱਲੋਂ ਲਗਾਏ ਗਏ ਦੋਸ਼ ਤੈਅ ਕਰਨ ’ਤੇ ਵੀ ਵਿਚਾਰ ਹੋਵੇਗੀ। ਸਰਕਾਰੀ ਧਿਰ ਨੇ ਅਦਾਲਤ ਨੂੰ ਦੱਸਿਆ ਕਿ ਬਿਕਰਮ ਮਜੀਠੀਆ ਸਬੰਧੀ ਦਰਜ ਕੇਸ ਸਬੰਧੀ ਪੰਜਾਬ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਵਿਜੀਲੈਂਸ ਨੇ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਵੀ ਪੇਸ਼ ਕੀਤਾ, ਜਿਸ ਨੂੰ ਅਦਾਲਤ ਨੇ ਮੁੱਖ ਕੇਸ ਨਾਲ ਸ਼ਾਮਲ ਕਰਨ ਲਈ ਪ੍ਰਵਾਨਗੀ ਦਿੱਤੀ। ਮੁਹਾਲੀ ਦੀ ਅਦਾਲਤ ਵਿਚ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਉਸ ਦੀ ਜ਼ਮਾਨਤ ਦੀ ਅਰਜ਼ੀ ਉੱਤੇ ਸੁਣਵਾਈ ਚੱਲ ਰਹੀ ਹੈ।

