ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜਨਵਰੀ
ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਫ਼ੌਜੀਆਂ ਦੇ ਨਾਂ ’ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੀਡੀਆ ਇੰਚਾਰਜ ਪਵਨ ਖਹਿਰਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਪੰਜਾਬ ਕਾਂਗਰਸ ਹੈੱਡਕੁਆਰਟਰ ’ਚ ਸੈਨਿਕਾਂ ਦੀ ਬਹਾਦਰੀ ਦੇ ਸਨਮਾਨ ਵਿੱਚ ਤਿਆਰ ਕੀਤੀ ਗਈ ਬੁੱਕਲੈਟ ‘ਸ਼ੌਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ’ ਰਿਲੀਜ਼ ਕਰਨ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸਚਿਨ ਪਾਇਲਟ ਨੇ ਕਿਹਾ ਕਿ ਸਾਡੇ ਸੈਨਿਕ ਦੇਸ਼ ਦੀ ਸਰਹੱਦ ’ਤੇ ਦੁਸ਼ਮਣਾਂ ਤੇ ਉਹ ਅੰਦਰ ਅਤਿਵਾਦ ਅਤੇ ਵੱਖਵਾਦ ਨਾਲ ਲੜਦੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਫੌਜੀਆਂ ਦੇ ਨਾਂ ’ਤੇ ਰਾਜਨੀਤੀ ਕਰਦੀ ਹੈ ਅਤੇ ਉਨ੍ਹਾਂ ਨਾਲ ਕੀਤੇ ਗਏ ਵਾਇਦੇ ਪੂਰੇ ਕਰਨ ਦੀ ਥਾਂ, ਉਨ੍ਹਾਂ ਖ਼ਿਲਾਫ਼ ਕੰਮ ਕਰਦੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਫੌਜੀਆਂ ਦੀਆਂ ਕਰੀਬ 1.25 ਲੱਖ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ ਸਾਲ 2014 ਵਿੱਚ ‘ਵਨ ਰੈਂਕ, ਵਨ ਪੈਨਸ਼ਨ’ ਸਕੀਮ ਲਾਗੂ ਕੀਤੀ ਸੀ, ਪਰ ਹਰਿਆਣਾ ਦੇ ਰਿਵਾੜੀ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਵਾਅਦਾ ਕਰਨ ਵਾਲੀ ਐੱਨਡੀਏ ਸਰਕਾਰ ਨੇ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਰਫ ਭਾਸ਼ਣ ਦੇਣ ਨਾਲ ਕੰਮ ਨਹੀਂ ਹੁੰਦਾ, ਅਸਲ ਵਿਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੋਆ, ਉੱਤਰਾਖੰਡ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ।