ਨਵੀਂ ਦਿੱਲੀ, 1 ਦਸੰਬਰ
ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ‘ਸ਼ਹੀਦ’ ਹੋਏ ਕਿਸਾਨਾਂ ਦੇ ਵਾਰਸਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਤਿਵਾੜੀ ਨੇ ਕਿਹਾ ਕਿ ਸਰਕਾਰ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਬਾਰੇ ਕਾਨੂੰਨੀ ਗਾਰੰਟੀ ਸਮੇਤ ਕਿਸਾਨ ਦੀਆਂ ਹੋਰ ਮੰਗਾਂ ਨੂੰ ਸਵੀਕਾਰ ਕਰੇ। ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਕਿਸਾਨਾਂ ਦੇ ਇਸ ‘ਇਤਿਹਾਸਕ’ ਅੰਦੋਲਨ ਸਦਕਾ ਹੀ ਸਰਕਾਰ ਨੂੰ ਇਹ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣੇ ਪਏ ਹਨ। ਤਿਵਾੜੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਸੱਤ ਸੌ ਤੋਂ ਵੱਧ ਕਿਸਾਨ ‘ਸ਼ਹੀਦ’ ਹੋ ਚੁੱਕੇ ਹਨ।
ਤਿਵਾੜੀ ਨੇ ਕਿਹਾ, ‘‘ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਕਿਸਾਨ ਅੰਦੋਲਨ ਦੌਰਾਨ ਮੌਤ ਦੇ ਮੂੰਹ ਪਏ ਕਿਸਾਨਾਂ ਦੀ ਇਕ ਸੂਚੀ ਤਿਆਰ ਕੀਤੀ ਜਾਵੇ ਤੇ ਉਨ੍ਹਾਂ ਦੇ ਵਾਰਸਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦੀਆਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਵੀ ਮੰਨੀਆਂ ਜਾਣ। ਸਰਕਾਰ ਨੂੰ ਉਨ੍ਹਾਂ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।’’ ਫ਼ਤਿਹਗੜ੍ਹ ਨਾਲ ਸਬੰਧਤ ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਨੇ ਵੀ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੰਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ। ਰਾਸ਼ਟਰੀ ਲੋਕਤਾਂਤਰਿਕ ਪਾਰਟੀ ਦੇ ਹਨੂੰਮਾਨ ਬੈਨੀਵਾਲ ਨੇ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲਏ ਜਾਣ। ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਖੁੱਲ੍ਹੇ ਪੱਤਰ ’ਚ ਕਿਸਾਨਾਂ ਦੀਆਂ ਛੇ ਮੁੱਖ ਮੰਗਾਂ, ਜਿਨ੍ਹਾਂ ਵਿੱਚ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਵੀ ਸ਼ਾਮਲ ਸੀ, ’ਤੇ ਚਰਚਾ ਲਈ ਫੌਰੀ ਗੱਲਬਾਤ ਦਾ ਅਮਲ ਸ਼ੁਰੂ ਕਰਨ ਲਈ ਕਿਹਾ ਸੀ। ਮੋਰਚੇ ਵਿੱਚ ਸ਼ਾਮਲ ਯੂਨੀਅਨਾਂ ਨੇ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਯਾਦਗਾਰ ਦਾ ਨਿਰਮਾਣ ਤੇ ਲਖੀਮਪੁਰ ਖੀਰੀ ਹਿੰਸਾ ਕੇਸ ’ਚ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਪਿਤਾ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। -ਪੀਟੀਆਈ